ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 22 ਮਈ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਜੇ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੀਆਂ 23 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਿੱਤਾ ਜਾਵੇਗਾ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਇਹ ਦੋਵੇਂ ਸਰਕਾਰਾਂ ਪੰਜਾਬ ਤੇ ਲੋਕ ਵਿਰੋਧੀ ਹਨ। ਸ੍ਰੀ ਬਾਜਵਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦੇ ਹੱਕ ਵਿੱਚ ਪਿੰਡ ਕੋਠਾ ਗੁਰੂ ਵਿੱਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਰਵਾਈ ਗਈ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਕਾਂਗਰਸੀ ਆਗੂ ਨੇ ਕਿਹਾ ਕਿ ਇਸ ਸਮੇਂ ਕਾਂਗਰਸ ਪੰਜਾਬ ਦੀ ਇਕਲੌਤੀ ਅਜਿਹੀ ਪਾਰਟੀ ਹੈ ਜਿਸ ਕੋਲ ਸੂਬੇ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਹੈ।
ਉਨ੍ਹਾਂ ਕਿਹਾ ਕਿ ਫ਼ਸਲਾਂ ’ਤੇ ਐੱਮਐੱਸਪੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੇਂਦਰ ਸਰਕਾਰ ਵੱਲੋਂ ਅੱਤਿਆਚਾਰ ਕੀਤਾ ਜਾ ਰਿਹਾ ਹੈ ਅਤੇ ਅਜਿਹੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੰਵਿਧਾਨ ਬਦਲਿਆ ਜਾ ਸਕੇ।