ਪੱਤਰ ਪ੍ਰੇਰਕ
ਏਲਨਾਬਾਦ, 24 ਮਈ
ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਮੱਕਾਸਰ ਵਿੱਚ ਇੱਕ ਪਬਲਿਕ ਟਰਾਂਸਪੋਰਟ ਦੀ ਬੱਸ ਨੇ ਸਾਈਕਲ ਸਵਾਰ ਕਿਸਾਨ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ (55) ਪੁੱਤਰ ਸੁਖਦੇਵ ਸਿੰਘ ਵਾਸੀ ਮੱਕਾਸਰ ਵਜੋਂ ਹੋਈ ਹੈ। ਹਾਦਸੇ ਮਗਰੋਂ ਡਰਾਈਵਰ ਅਤੇ ਕੰਡਕਟਰ ਬੱਸ ਛੱਡ ਕੇ ਫਰਾਰ ਹੋ ਗਏ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸਵਾਰੀਆਂ ਨੂੰ ਹੇਠਾਂ ਉਤਾਰ ਕੇ ਪਹਿਲਾਂ ਪਥਰਾਅ ਕਰਕੇ ਬੱਸ ਦੇ ਸ਼ੀਸ਼ੇ ਭੰਨ੍ਹੇ ਅਤੇ ਬਾਅਦ ਵਿੱਚ ਬੱਸ ਨੂੰ ਅੱਗ ਲਾ ਦਿੱਤੀ ਜਿਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ। ਪੁਲੀਸ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਪਿੰਡ ਵਾਸੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਆਦਿ ਮੰਗਾਂ ਲਈ ਲਾਸ਼ ਸੜਕ ’ਤੇ ਰੱਖ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ। ਹਨੂੰਮਾਨਗੜ੍ਹ ਜੰਕਸ਼ਨ ਥਾਣੇ ਦੇ ਇੰਚਾਰਜ ਸਤਪਾਲ ਬਿਸ਼ਨੋਈ ਅਤੇ ਤਹਿਸੀਲਦਾਰ ਹਰੀਸ਼ ਕੁਮਾਰ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਵਾਜਾਈ ਬਹਾਲ ਕੀਤੀ। ਧਰਨੇ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।