ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਮਈ
ਗਲੋਬਲ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਭੀਮ ਰਾਓ ਯਸ਼ਵੰਤ ਅੰਬੇਦਕਰ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਹੁੰਗਾਰਾ ਮਿਲਿਆ ਜਦੋਂ ਡਾ. ਭੀਮ ਰਾਓ ਅੰਬੇਡਕਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਲਖਵੀਰ ਸਿੰਘ ਵਡਾਲਾ ਅਤੇ ਕਾਮਨਲੈਂਡ ਪ੍ਰੋਟੈਕਸ਼ਨ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਅਵਤਾਰ ਸਿੰਘ ਨਾਗਲਾ ਵਲੋਂ ਸਾਥੀਆਂ ਸਮੇਤ ਸਮਰਥਨ ਦੇਣ ਦਾ ਐਲਾਨ ਕੀਤਾ। ਗਲੋਬਲ ਰਿਪਬਲਿਕਨ ਪਾਰਟੀ ਵਲੋਂ ਕਰਵਾਏ ਸਮਾਗਮ ਦੌਰਾਨ ਉਕਤ ਆਗੂਆਂ ਨੇ ਪਾਰਟੀ ਉਮੀਦਵਾਰ ਭੀਮ ਰਾਓ ਯਸ਼ਵੰਤ ਅੰਬੇਡਕਰ, ਨਾਰਥ ਜ਼ੋਨ ਦੇ ਇੰਚਾਰਜ ਐਡਵੋਕੇਟ ਓਮ ਪ੍ਰਕਾਸ਼ ਅਤੇ ਸੂਬਾ ਪ੍ਰਧਾਨ ਸੰਤੋਸ਼ ਕੁਮਾਰੀ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ। ਯਸ਼ਵੰਤ ਅੰਬੇਡਕਰ ਨੇ ਕਿਹਾ ਕਿ ਬਾਬਾ ਸਾਹਿਬ ਦੁਆਰਾ ਬਣਾਏ ਸੰਵਿਧਾਨ ਨੂੰ ਸਭ ਤੋਂ ਵੱਡਾ ਖਤਰਾ ਭਾਰਤੀ ਜਨਤਾ ਪਾਰਟੀ ਤੋਂ ਹੈ ਜੋ ਆਪਣੀ ਮਨੂਵਾਦੀ ਸੋਚ ਨੂੰ ਲੈ ਕੇ ਦੇਸ਼ ਵਿਚੋਂ ਦਲਿਤ ਅਤੇ ਘੱਟ ਗਿਣਤੀਆਂ ਦਾ ਘਾਣ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨਾ ਜ਼ਰੂਰੀ ਹੈ। ਸੰਤੋਸ਼ ਕੁਮਾਰੀ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਦੱਸਦਿਆਂ ਕਿਹਾ ਕਿ ਭਾਜਪਾ ਸੱਤਾ ਪ੍ਰਾਪਤੀ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਤੇ ਸੈਕੁਲਰ ਸੋਚ ਰੱਖਣ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਦਬਾ ਕੇ ਰੱਖਣਾ ਚਾਹੁੰਦੀ ਹੈ।