ਗੁਰਬਖਸ਼ਪੁਰੀ
ਤਰਨ ਤਾਰਨ, 27 ਮਈ
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਉਸ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਅੱਜ ਇਥੇ ਰੋਡ ਸ਼ੋਅ ਕੀਤਾ ਗਿਆ| ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਰੋਡ ਸ਼ੋਅ ਵਿੱਚ ਕਾਫ਼ੀ ਗਿਣਤੀ ਲੋਕ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਦਾ ਅਹਿਦ ਵੀ ਲਿਆ। ਇਸ ਮੌਕੇ ਦੁਕਾਨਦਾਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਦੁਕਾਨਦਾਰਾਂ ਅਤੇ ਬੀਰ ਖ਼ਾਲਸਾ ਗਰੁੱਪ ਦੇ ਮੁਖੀ ਕੰਵਲਜੀਤ ਸਿੰਘ ਵੱਲੋਂ ਬਾਪੂ ਤਰਸੇਮ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਇਕ ਲਹਿਰ ਬਣਾ ਦਿੱਤੀ ਹੈ|