ਗਗਨਦੀਪ ਅਰੋੜਾ/ਐੱਨਪੀ ਧਵਨ
ਲੁਧਿਆਣਾ/ਪਠਾਨਕੋਟ, 28 ਮਈ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਲੁਧਿਆਣਾ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ। ਉਪਰੰਤ ਉਨ੍ਹਾਂ ਗੁਰਦਾਸਪੁਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਪਠਾਨਕੋਟ ਵਿੱਚ ਰੋਡ ਸ਼ੋਅ ਕੀਤਾ। ਲੁਧਿਆਣਾ ਵਿੱਚ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦਾ ਵਿਕਾਸ ਨਹੀਂ ਹੋਣ ਦੇਣਾ ਚਾਹੁੰਦੀ। ਭਾਜਪਾ ਸਰਕਾਰ ਨੇ ਪੰਜਾਬ ਦੇ ਕਰੀਬ 9 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ ਹੋਏ ਹਨ। ਉਸ ਵਿੱਚੋਂ ਸਾਢੇ ਪੰਜ ਹਜ਼ਾਰ ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦਾ ਪੈਸਾ ਹੈ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਭਾਜਪਾ ਚਾਹੁੰਦੀ ਹੈ ਕਿ ਪੰਜਾਬ ਦਾ ਵਿਕਾਸ ਰੁਕ ਜਾਵੇ।
ਮੀਟਿੰਗ ਦੌਰਾਨ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਵਪਾਰ ਅਤੇ ਉਦਯੋਗ ਦੀ ਹਾਲਤ ਐਨੀ ਮਾੜੀ ਸੀ ਕਿ ਇੱਥੋਂ ਦੇ ਉਦਯੋਗ ਅਤੇ ਸਨਅਤਾਂ ਪੰਜਾਬ ਛੱਡ ਕੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਨੇੜਲੇ ਰਾਜਾਂ ਵਿੱਚ ਜਾ ਰਹੀਆਂ ਸਨ। ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚੋਂ ਉਦਯੋਗਾਂ ਦੇ ਜਾਣ ਦਾ ਸਿਲਸਿਲਾ ਖ਼ਤਮ ਹੋ ਗਿਆ ਹੈ ਅਤੇ ਉਦਯੋਗਾਂ ਦੇ ਪੰਜਾਬ ਵਿੱਚ ਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ’ਚ 56 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ 750 ਕਿਸਾਨ ਮਾਰੇ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਕਿਸਾਨ ਪੰਜਾਬ ਤੋਂ ਸਨ। ਉਨ੍ਹਾਂ ਕਿਹਾ ਕਿ ਹੁਣ ਭਾਜਪਾਈ ਪੰਜਾਬੀਆਂ ਨੂੰ ਸਰਕਾਰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ ਪਰ ‘ਆਪ’ ਦੇ ਵਾਲੰਟੀਅਰ ਤੇ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਇਸ ਦੌਰਾਨ ਪਠਾਨਕੋਟ ਵਿੱਚ ਕੇਜਰੀਵਾਲ ਨੇ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਮਗਰੋਂ ਡਾਕਖਾਨਾ ਚੌਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਆਪਣੇ ਪ੍ਰਧਾਨ ਮੰਤਰੀ ਤੋਂ ਆਪਣੀਆਂ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ। ਅਸੀਂ ਉਨ੍ਹਾਂ ਨੂੰ ਮਾੜੀ ਸ਼ਬਦਾਵਲੀ ਵਰਤਣ ਲਈ ਪ੍ਰਧਾਨ ਮੰਤਰੀ ਨਹੀਂ ਬਣਾਇਆ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸੀਟਾਂ ਘਟਣ ਦੇ ਡਰ ਕਾਰਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਜੇ ਅਰਵਿੰਦ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਦਾ ਕੋਈ ਵੀ ਇਨਸਾਨ ਇਮਾਨਦਾਰ ਨਹੀਂ ਹੈ।
ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣਿਆ
ਪਠਾਨਕੋਟ ਵਿੱਚ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਸਰਕਾਰੀ ਥਾਵਾਂ ਅਤੇ ਬਿਜਲੀ ਦੇ ਖੰਭਿਆਂ ’ਤੇ ਆਮ ਆਦਮੀ ਪਾਰਟੀ ਦੇ ਬੈਨਰ ਲਾਉਣ ਕਾਰਨ ਭਾਜਪਾ ਅਤੇ ‘ਆਪ’ ਦੇ ਵਰਕਰ ਆਹਮੋ-ਸਾਹਮਣੇ ਆ ਗਏ। ਇਸ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਾਲਮੀਕਿ ਚੌਕ ਵਿੱਚ ਧਰਨਾ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੇ ਲਗਾਏ ਗਏ ਬੈਨਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਨ੍ਹਾਂ ਨੂੰ ਹਟਾਉਣ ਲਈ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਭਾਜਪਾ ਵੱਲੋਂ ਲਗਾਏ ਗਏ ਧਰਨੇ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਪੁੱਜ ਗਏ। ਉਨ੍ਹਾਂ ਨੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤਰ੍ਹਾਂ ਦੋਹਾਂ ਪਾਰਟੀਆਂ ਦੇ ਵਰਕਰਾਂ ਦਰਮਿਆਨ ਇੱਕ ਦੂਸਰੇ ਖਿਲਾਫ ਕਰੀਬ ਇੱਕ ਘੰਟੇ ਤੱਕ ਨਾਅਰੇਬਾਜ਼ੀ ਚੱਲਦੀ ਰਹੀ। ਇਸ ਮਗਰੋਂ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਮੌਕੇ ’ਤੇ ਪੁੱਜ ਕੇ ਨਗਰ ਨਿਗਮ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਭਾਜਪਾ ਆਗੂਆਂ ਨੂੰ ਸ਼ਾਂਤ ਕੀਤਾ ਤੇ ਉਹ ਉਥੋਂ ਚਲੇ ਗਏ।