ਪੱਤਰ ਪ੍ਰੇਰਕ
ਲਹਿਰਾਗਾਗਾ, 28 ਮਈ
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੇੜਲੇ ਡਸਕਾ, ਗਾਗਾ, ਚੰਗਾਲੀਵਾਲਾ, ਦੌਲੇਵਾਲਾ ਅਤੇ ਸੰਗਤੀਵਾਲਾ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਰੈਲੀਆਂ ਕੀਤੀਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਖਾਲਾਂ ਦੇ ਟੇਲਾਂ ਤੱਕ ਪਹੁੰਚਾਉਣ ਲਈ ਸੁਯੋਗ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੂਜੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਜ਼ਮੀਨੀ ਪਾਣੀ ਦੀ ਵਰਤੋਂ ਕਰਦਾ ਹੈ ਜਿਸ ਕਰਕੇ ਪੰਜਾਬ ਦੇ 109 ਬਲਾਕ ਡਾਰਕ ਜ਼ੋਨ ’ਚ ਚਲੇ ਗਏ ਹਨ। ਉਨ੍ਹਾਂ ਕਿਹਾ,‘ਜੇਕਰ ਅਸੀਂ ਸਮੇਂ ਸਿਰ ਲੋੜੀਂਦੇ ਕਦਮ ਨਾ ਚੁੱਕੇ ਤਾਂ ਸਾਡਾ ਇਹ ਖੁਸ਼ਹਾਲ ਸੂਬਾ ਬੰਜਰ ਬਣਕੇ ਰਹਿ ਜਾਵੇਗਾ। ਇਸ ਕਰਕੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਕਰਦਿਆਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਯਤਨ ਕਰਨੇ ਚਾਹੀਦੇ ਹਨ। ਜੇਕਰ ਇਸੇ ਤਰ੍ਹਾਂ ਧਰਤੀ ਹੇਠਲੇ ਪਾਣੀ ਦੀ ਦੁਰਵਰਤੋ ਨਾ ਰੋਕੀ ਗਈ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣਯੋਗ ਪਾਣੀ ਦੀ ਵੱਡੀ ਕਿੱਲਤ ਆ ਜਾਵੇਗੀ। ਇਸ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਨਾਲ ਸਿੰਜਾਈ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਅਤੇ ਹਰ ਟੇਲਾਂ ਤੱਕ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਆਏ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਲਈ ਗਿਣਨਯੋਗ ਕੰਮ ਕੀਤੇ ਹਨ।