ਰਮੇਸ਼ ਭਾਰਦਵਾਜ
ਲਹਿਰਾਗਾਗਾ, 28 ਮਈ
ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ ਪਿੰਡ ਗਾਗਾ ਵਿੱਚ ਪਾਰਟੀ ਵਰਕਰਾਂ ਵੱਲੋਂ ਲੱਡੂਆਂ ਨਾਲ ਤੋਲਿਆ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਝੂੰਦਾਂ ਨੇ ਕਿਹਾ ਕਿ ਅਕਾਲੀ ਦਲ ਹੀ ਲੋਕਾਂ ਦੀ ਆਪਣੀ ਮਾਂ ਪਾਰਟੀ ਹੈ ਇਸ ਨੂੰ ਪੰਜਾਬ ਵਿੱਚ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਯਕੀਨੀ ਹੈ ਕਿਉਂਕਿ ਲੋਕਾਂ ਦਾ ਇਸ ਪਾਰਟੀ ਤੋਂ ਵਿਸ਼ਵਾਸ ਖਤਮ ਹੋ ਗਿਆ ਹੈ। ਵਿਧਾਨ ਸਭਾ ਚੋਣਾਂ ਸਮੇਂ ‘ਆਪ’ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਅਜੇ ਤੱਕ ਪੂਰੇ ਨਹੀਂ ਹੋਏ। ਪਿੰਡਾਂ ਦੀਆਂ ਔਰਤਾਂ ਅੱਜ ਵੀ ਸਵਾਲ ਕਰ ਰਹੀਆਂ ਹਨ ਕਿ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕਦੋਂ ਪੂਰਾ ਹੋਵੇਗਾ ਪਰ ‘ਆਪ’ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਝੂੰਦਾਂ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਦੇ ਉਮੀਦਵਾਰਾਂ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ।
ਝੂੰਦਾਂ ਦੇ ਪੁੱਤਰ ਵੱਲੋਂ ਚੋਣ ਪ੍ਰਚਾਰ
ਧੂਰੀ (ਪਵਨ ਕੁਮਾਰ ਵਰਮਾ): ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਉਨ੍ਹਾਂ ਦੇ ਪੁੱਤਰ ਫਤਿਹਵੀਰ ਸਿੰਘ ਝੂੰਦਾਂ ਵੱਲੋਂ ਧੂਰੀ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਫਤਿਹਵੀਰ ਸਿੰਘ ਝੂੰਦਾਂ ਨੇ ਆਪਣੇ ਪਿਤਾ ਇਕਬਾਲ ਸਿੰਘ ਝੂੰਦਾਂ ਲਈ ਵੋਟਾਂ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਪੰਜਾਬ ਤੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ ਬਾਦਲ ਸਰਕਾਰ ਸਮੇਂ ਹੀ ਹੋਇਆ ਹੈ। ਇਸ ਮੌਕੇ ਗੋਪਾਲ ਕ੍ਰਿਸ਼ਨ ਬੇਨੜਾ ਅਤੇ ਜਸਵਿੰਦਰ ਕੌਰ ਖਾਲਸਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।