ਪੱਤਰ ਪ੍ਰੇਰਕ
ਮਾਛੀਵਾੜਾ, 28 ਮਈ
ਨਗਰ ਕੌਂਸਲ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਕੁੰਦਰਾ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨਾਲ ਮੁਲਾਕਾਤ ਕਰ ਕੇ ਗਿਲ੍ਹੇ ਸ਼ਿਕਵੇ ਭੁਲਾਉਂਦਿਆਂ ਉਨ੍ਹਾਂ ਦੀ ਚੋਣ ਮੁਹਿੰਮ ਵਿਚ ਸਾਥ ਦੇਣ ਦਾ ਵਾਅਦਾ ਕੀਤਾ। ਇਸ ਸਬੰਧੀ ਸ੍ਰੀ ਕੁੰਦਰਾ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦਾ ਫੋਨ ਆਉਣ ’ਤੇ ਉਹ ਮੁਲਾਕਾਤ ਲਈ ਗਏ ਸਨ, ਜਿੱਥੇ ਉਨ੍ਹਾਂ ਕਾਂਗਰਸ ਪਾਰਟੀ ਵੱਲੋਂ ਅਣਗੌਲਿਆ ਕੀਤੇ ਜਾਣ ’ਤੇ ਨਾਰਾਜ਼ਗੀ ਜਿਤਾਈ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਆਪਣੇ ਸਾਰੇ ਗਿਲ੍ਹੇ-ਸ਼ਿਕਵੇ ਭੁਲਾ ਕੇ ਉਨ੍ਹਾਂ ਦੀ ਚੋਣ ਮੁਹਿੰਮ ਦਾ ਹਿੱਸਾ ਬਣਨ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੁਰਾਣੇ ਕਾਂਗਰਸੀ ਪਰਿਵਾਰ ਦੇ ਮੈਂਬਰ ਹਨ ਤੇ ਹਮੇਸ਼ਾ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਗੇ। ਇਸ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਵੀ ਐੱਮਪੀ ਅਮਰ ਸਿੰਘ ਦੀ ਚੋਣ ਮੁਹਿੰਮ ’ਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਕਰੀਬੀ ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ ਨੇ ਪਿਛਲੇ 2 ਮਹੀਨਿਆਂ ਤੋਂ ਇਥੋਂ ਦੇ ਉਮੀਦਵਾਰ ਦੀ ਚੋਣ ਮੁਹਿੰਮ ਤੋਂ ਦੂਰੀ ਬਣਾਈ ਹੋਈ ਸੀ। ਹੁਣ ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ ਅਤੇ ਸਾਬਕਾ ਚੇਅਰਮੈਨ ਦਰਸ਼ਨ ਕੁੰਦਰਾ ਵਲੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਨਿਤਰਨ ਨਾਲ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਸੁਖਬੀਰ ਸਿੰਘ ਪੱਪੀ ਸਮਰਾਲਾ ਵੀ ਮੌਜੂਦ ਸਨ।