* ਪੱਛਮੀ ਵਿਗਾੜ ਕਾਰਨ ਅੱਜ ਤੇ ਭਲਕੇ ਰਾਹਤ ਦੇ ਆਸਾਰ
ਆਤਿਸ਼ ਗੁਪਤਾ
ਚੰਡੀਗੜ੍ਹ, 29 ਮਈ
ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਗਰਮੀ ਦਾ ਜਾਰੀ ਹੈ ਅਤੇ ਅੱਜ ਹਰਿਆਣਾ ਦਾ ਮਹਿੰਦਰਗੜ੍ਹ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 49.4 ਡਿਗਰੀ ਸੈਲਸੀਅਸ ਦਰਜ ਹੋਇਆ। ਪੰਜਾਬ ਦਾ ਬਠਿੰਡਾ (ਏਅਰਪੋਰਟ) ਸਭ ਤੋਂ ਗਰਮ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 48.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਤਾਪਮਾਨ ਆਮ ਨਾਲੋਂ 7.2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਇਸ ਦੌਰਾਨ ਅੱਜ ਬਠਿੰਡਾ ਸ਼ਹਿਰ ਵਿੱਚ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 4.7 ਡਿਗਰੀ ਸੈਲਸੀਅਸ ਵੱਧ ਸੀ। ਹਾਲਾਂਕਿ ਮੌਸਮ ਵਿਭਾਗ ਨੇੇ 30 ਤੇ 31 ਮਈ ਨੂੰ ਗਰਮੀ ਤੋਂ ਮਾਮੂਲੀ ਰਾਹਤ ਦੀ ਪੇਸ਼ੀਨਗੋਈ ਵੀ ਕੀਤੀ ਹੈ। ਇਸੇ ਤਰ੍ਹਾਂ ਦਿੱਲੀ ਦੇ ਮੁੰਗੇਸ਼ਪੁਰੀ ਇਲਾਕੇ ਨੇ ਤਾਂ ਅੱਜ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿੱਥੇ ਅੱਜ ਵੱਧ ਤੋਂ ਵੱਧ ਤਾਪਮਾਨ 52.9 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ 30 ਤੇ 31 ਮਈ ਨੂੰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚੱਲਦਿਆਂ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਬਿਜਲੀ ਲਿਸ਼ਕਨ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਲੋਕਾਂ ਨੂੰ 30, 31 ਮਈ ਅਤੇ 1 ਜੂਨ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ ਉੱਤਰੀ ਭਾਰਤ ਵਿੱਚ ਲਗਾਤਾਰ ਵਧ ਰਹੀ ਗਰਮੀ ਕਰਕੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰ ਸਮੇਂ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਵਧ ਰਹੀ ਗਰਮੀ ਕਰਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ ਗਰਮੀ ਵਧਣ ਦੇ ਨਾਲ-ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਵਧਣੀ ਵੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ਵਿੱਚ ਓਵਰਲੋਡ ਹੋਣ ਕਰਕੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਵੀ ਹੋ ਰਹੀ ਹੈ। ਇਸ ਦੌਰਾਨ ਪੰਜਾਬ ’ਚ ਲੁਧਿਆਣਾ ਤੇ ਪਠਾਨਕੋਟ ਦਾ ਤਾਪਮਾਨ 46.1 ਡਿਗਰੀ, ਫਰੀਦਕੋਟ ਦਾ 46, ਅੰਿਮ੍ਰਤਸਰ ਦਾ 45.8, ਪਟਿਆਲਾ 45.7 ਅਤੇ ਗੁਰਦਾਸਪੁਰ ਦਾ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਹਰਿਆਣਾ ਦੇ ਸਿਰਸਾ, ਝੱਜਰ ਤੇ ਫਰੀਦਾਬਾਦ ’ਚ ਵੀ ਤਾਪਮਾਨ 48 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ।