ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਮਈ
ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੇ ਪੁਲੀਸ ਲਾਈਨ ਕੁਰੂਕਸ਼ੇਤਰ ਵਿੱਚ ਅੱਜ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਦਾਰ ਪਟੇਲ ਈ-ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਏਪੀ ਪੁਲੀਸ ਪਬਲਿਕ ਸਕੂਲ ਦੇ ਬੱਚਿਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਡੀਜੀਪੀ ਕਪੂਰ ਨੇ ਕਿਹਾ ਕਿ ਇਸ ਲਾਇਬਰੇਰੀ ਦਾ ਉਚੇਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਈ-ਲਾਇਬਰੇਰੀ ਅਜੋਕੇ ਸਮੇਂ ਦੀ ਲੋੜ ਹੈ, ਇੱਥੇ ਪ੍ਰਦਾਨ ਕੀਤੀ ਗਈ ਸਮੱਗਰੀ ਵਿਦਿਆਰਥੀਆਂ ਨੂੰ ਸਿੱਖਣ ਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਵਲੋਂ ਇਸ ਉਪਰਾਲੇ ਰਾਹੀਂ ਬੱਚਿਆਂ ਨੂੰ ਪੜ੍ਹਾਉਣ ਲਈ ਮਾਹੌਲ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਇਕ ਈ ਲਾਇਬਰੇਰੀ ਸਥਾਪਤ ਕੀਤੀ ਜਾ ਰਹੀ ਹੈ, ਜਿਸ ਵਿਚ ਆਧੁਨਿਕ ਫਰਨੀਚਰ, 20 ਕੰਪਿਊਟਰ, 10 ਕਿੰਡਲ ਤੇ ਸਮਾਰਟ ਬੋਰਡਾਂ ਦੇ ਨਾਲ ਈ ਕਿਤਾਬਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਲਾਇਬਰੇਰੀ ਵਿਚ ਵਿਦੇਸ਼ੀ ਭਾਸ਼ਾ ਸਿੱਖਣ ਲਈ ਇਕ ਕੇਂਦਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਪੈਨਿਸ਼, ਫਰੈਂਚ, ਜਾਪਾਨੀ ਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਸਿਖਲਾਈ ਕੇਂਦਰ ਵਿਚ ਆਨਲਾਈਨ ਸਿਖਲਾਈ ਦਿੱਤੀ ਜਾ ਰਹੀ ਹੈ।