ਨਿੱਜੀ ਪੱਤਰ ਪ੍ਰੇਰਕ
ਮੋਗਾ, 30 ਮਈ
ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਪਹਿਲੀ ਵਾਰ ਪੰਜਾਬ ਵਿੱਚ ਇਕੱਲਿਆਂ ਆਪਣੀ ਹੋਂਦ ਲਈ ਪ੍ਰਦਰਸ਼ਨ ਕੀਤਾ ਹੈ ਜਿਸ ਦਾ ਪੰਜਾਬ ਦੇ ਲੋਕਾਂ ਨੇ ਬਹੁਤ ਉਤਸ਼ਾਹਜਨਕ ਹੁੰਗਾਰਾ ਭਰਿਆ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਸਾਬਕਾ ਸੂਚਨਾ ਕਮਿਸ਼ਨਰ ਤੇ ਪੰਜਾਬ ਭਾਜਪਾ ਦੇ ਬੁਲਾਰੇ ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਵਿਕ ਰਿਹਾ ਨਸ਼ਾ, ਵੱਧ ਰਿਹਾ ਜੁਰਮ ਅਤੇ ਹੱਦੋਂ ਵੱਧ ਰਿਸ਼ਵਤ ਖੋਰੀ ਨੇ ਪੰਜਾਬ ਦੇ ਲੋਕਾਂ ਦਾ ਰੁਝਾਨ ਭਾਜਪਾ ਵੱਲ ਨੂੰ ਕੀਤਾ ਹੈ। ਹੁਣ ਇਥੋਂ ਦੇ ਲੋਕ 10 ਸਾਲ ਕੇਂਦਰ ਦੀ ਭ੍ਰਿਸ਼ਟਾਚਾਰ ਮੁਕਤ ਮੋਦੀ ਸਰਕਾਰ, ਉੱਤਰ ਪ੍ਰਦੇਸ਼ ਦੀ ਕਰਾਇਮ ਮੁਕਤ ਯੋਗੀ ਅਦਿੱਤਿਆਨਾਥ ਦੀ ਸਰਕਾਰ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਭਾਜਪਾ ਨੂੰ ਸੂਬੇ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ। ਅੱਜ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਹੋਏ ਪਏ ਹਨ, ਇਥੋਂ ਦਾ ਹਰ ਵਰਗ ਆਪਣੇ ਆਪ ਨੂੰ ਅਸਰੱਖਿਅਤ ਮਹਿਸੂਸ ਕਰ ਰਿਹਾ ਹੈ। ਹਰ ਵਿਅਕਤੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਿੰਤਤ ਹੈ। ਨਿਧੜਕ ਸਿੰਘ ਬਰਾੜ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਭ ਪਾਰਟੀਆਂ ਨੂੰ ਪਰਖ ਕੇ ਦੇਖਣ ਨਾਲ ਨਿਰਾਸ਼ ਹਰ ਪੰਜਾਬੀ ਭਾਜਪਾ ਤੋਂ ਆਸਵੰਦ ਹੈ।