ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 30 ਮਈ
ਕਿਸਾਨ-ਮਜ਼ਦੂਰ ਯੂਨੀਅਨ ਦਾ ਵਫ਼ਦ ਧਾਰ ਬਲਾਕ ਦੀ 27,550 ਏਕੜ ਦੇ ਮਾਲਕਾਨਾ ਹੱਕ ਸਬੰਧੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਿਆ। ਯੂਨੀਅਨ ਦੇ ਸੂਬਾ ਆਗੂ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਧਾਰ ਬਲਾਕ ਦੀ 27,550 ਏਕੜ ਜ਼ਮੀਨ ਉੱਤੇ ਮਾਲ ਮਹਿਕਮੇ ਦੇ ਰਿਕਾਰਡ ਅਨੁਸਾਰ ਪੁਰਾਣੇ ਸਮੇਂ ਤੋਂ ਮਾਲਕਾਨਾ ਹੱਕ ਉੱਥੇ ਵੱਸਦੇ 200 ਪਿੰਡਾਂ ਦੇ ਲੋਕਾਂ ਦਾ ਦਰਜ ਸੀ। ਪਰ ਬੀਤੇ ਸਮੇਂ ਵਿੱਚ ਜੰਗਲਾਤ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਇਹ ਜ਼ਮੀਨ ਦੀਆਂ ਗਿਰਦਾਵਰੀਆਂ ਜੰਗਲਾਤ ਮਹਿਕਮੇ ਦੇ ਨਾਂ ਤਬਦੀਲ ਕਰਵਾ ਲਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਇਸ ਮਸਲੇ ਸਬੰਧੀ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਯਕੀਨ ਦਿਵਾਇਆ ਹੈ ਕਿ ਉਹ ਆਉਣ ਵਾਲੇ ਸੈਸ਼ਨ ਦੌਰਾਨ ਕਿਸਾਨਾਂ ਦੀ ਹੱਕੀ ਮੰਗ ਮੰਨਵਾਉਣ ਲਈ ਵਿਧਾਨ ਸਭਾ ਵਿੱਚ ਮਾਮਲਾ ਉਠਾਉਣਗੇ। ਇਸ ਮੌਕੇ ਲਖਵਿੰਦਰ ਸਿੰਘ, ਹੁਸਨਾਖ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ।