ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅੱਜ ਲੋਕ ਸਭਾ ਚੋਣਾਂ ’ਚ ਬਿਹਾਰ ਦੇ ਜਹਾਨਾਬਾਦ ਹਲਕੇ ਤੋਂ ਨਾਮਜ਼ਦਗੀ ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੇ ਆਜ਼ਾਦ ਉਮੀਦਵਾਰ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਸੰਜੈ ਕਰੋਲ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਛੁੱਟੀ ਵਾਲੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਪਟਨਾ ਹਾਈ ਕੋਰਟ ਦੇ ਸਿੰਗਲ ਬੈਂਚ ਦੇ ਹੁਕਮਾਂ ਖ਼ਿਲਾਫ਼ ਡਿਵੀਜ਼ਨ ਬੈਂਚ ਅੱਗੇ ਅਪੀਲ ਦਾਇਰ ਕਰਨ ਲਈ ਕਿਹਾ ਹੈ। ਪਟੀਸ਼ਨਰ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਿੰਗਲ ਬੈਂਚ ਨੇ ਖਾਰਜ ਕਰ ਦਿੱਤੀ ਸੀ। ਸਿਖਰਲੀ ਅਦਾਲਤ ਨੇ ਵਕੀਲ ਨੂੰ ਸੁਝਾਅ ਦਿੱਤਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਚੋਣ ਪਟੀਸ਼ਨ ਵੀ ਦਾਇਰ ਕਰ ਸਕਦੇ ਹਨ। ਇਸ ਤੋਂ ਬਾਅਦ ਵਕੀਲ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। -ਪੀਟੀਆਈ