ਮਹਿੰਦਰ ਸਿੰਘ ਰੱਤੀਆਂ
ਮੋਗਾ, 31 ਮਈ
ਇਥੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਥਾਨਕ ਐੱਸਡੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੋਲਿੰਗ ਬੂਥ ’ਤੇ ਪੋਸਟਲ ਬੈਲੇਟ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਵੋਟਿੰਗ ਡਿਉਟੀ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੋਟਾਂ ਯਕੀਨੀ ਕਰਨ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਤੇ ਧਰਮਕੋਟ ਵਿੱਚ ਕੁੱਲ 7.63 ਲੱਖ ਤੋਂ ਵਧੇਰੇ ਵੋਟਰ 804 ਪੋਲਿੰਗ ਬੂਥ ਹਨ। ਪ੍ਰਸ਼ਾਸਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸਲਿੱਪਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ’ਤੇ ਨਜ਼ਰ ਰੱਖਣ ਲਈ 160 ਮਾਈਕਰੋ ਅਬਜ਼ਰਵਰ ਅਤੇ 63 ਸੈਕਟਰ ਅਫ਼ਸਰ ਲਾਉਣ ਦੇ ਨਾਲ-ਨਾਲ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈੱਬ ਕਾਸਟਿੰਗ ਕਰਵਾਈ ਜਾਵੇਗੀ। ਸਮੁੱਚੀ ਵੋਟ ਪ੍ਰਕਿਰਿਆ ਉੱਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪੱਧਰ ਉੱਤੇ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਚੋਣਾਂ ਦੀ ਪੂਰੀ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਿਵਲ ਪ੍ਰਸ਼ਾਸਨ ਦੇ 4272 ਅਧਿਕਾਰੀ ਚੋਣ ਅਮਲੇ ਵਜੋਂ ਡਿਊਟੀ ਨਿਭਾਉਣਗੇ। ਪੰਜਾਬ ਪੁਲੀਸ ਅਤੇ ਕੇਂਦਰੀ ਫੋਰਸਾਂ ਦੇ 2484 ਜਵਾਨ ਤਾਇਨਾਤ ਕੀਤੇ ਗਏ ਹਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ। ਜੇਕਰ ਕੋਈ ਵੋਟਰ ਪੈਸੇ ਲੈ ਕੇ ਵੋਟ ਪਾਉਂਦਾ ਹੈ ਜਾਂ ਕੋਈ ਉਮੀਦਵਾਰ ਜਾਂ ਪਾਰਟੀ ਕਿਸੇ ਵੋਟਰ ਨੂੰ ਵੋਟ ਲਈ ਪੈਸੇ ਦੀ ਪੇਸ਼ਕਸ਼ ਕਰਦੀ ਹੈ ਤਾਂ ਉਸ ਵਿਰੁੱਧ ਅਪਰਾਧਕ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।