ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 31 ਮਈ
ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ-44 ਤੋਂ ਕੌਂਸਲਰ ਜਰਨੈਲ ਸਿੰਘ ਭੁੱਲਰ ਅੱਜ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪਾਰਟੀ ਵਿੱਚ ਵਾਪਸੀ ’ਤੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਆ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਜਰਨੈਲ ਸਿੰਘ ਭੁੱਲਰ ਦਾ ਪਾਰਟੀ ਵਿੱਚ ਵਾਪਸ ਆਉਣ ’ਤੇ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਜੂਨ ਨੂੰ ਪੰਜਾਬ ਵਿੱਚ ਚੋਣਾਂ ਦਾ ਤਿਉਹਾਰ ਮਨਾਇਆ ਜਾਵੇਗਾ ਅਤੇ ਇੱਕ-ਇੱਕ ਵੋਟ ਬਹੁਤ ਕੀਮਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਨੇ ਹੀ 18 ਸਾਲ ਤੋਂ ਵੱਧ ਉਮਰ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ ਅਤੇ ਲੋਕਾਂ ਨੂੰ ਇਸ ਅਧਿਕਾਰ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਲੋਕਾਂ ਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਇਸ ਮੌਕੇ ਅਮਰਜੀਤ ਸਿੰਘ ਲਾਲੀ ਵੀ ਹਾਜ਼ਰ ਸਨ।