ਸ਼ਿਮਲਾ, 1 ਜੂਨ
ਸੜਕ ਅਤੇ ਇੰਟਰਨੈੱਟ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਮੰਗ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਮਾਖਨ ਅਤੇ ਚਾਚੁਲ ਪਿੰਡਾਂ ਦੇ ਵਾਸੀਆਂ ਨੇ ਅੱਜ ਲੋਕ ਸਭਾ ਚੋਣਾਂ ਦਾ ਬਾਈਕਾਟ ਕੀਤਾ। ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆਂ ਸ਼ਿਕਾਇਤਾਂ ਨਹੀਂ ਸੁਣਦਾ, ਉਦੋਂ ਤੱਕ ਉਹ ਵੋਟ ਨਹੀਂ ਪਾਉਣਗੇ। ਪਿੰਡ ਵਾਸੀਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗਾਂ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੋਏ। ਮਾਖਨ ਪਿੰਡ ਦੇ ਵਸਨੀਕ ਮੁਕੇਸ਼ ਕੁਮਾਰ ਨੇ ਕਿਹਾ ਕਿ ਆਜ਼ਾਦੀ ਦੇ 76 ਵਰ੍ਹੇ ਲੰਘਣ ਦੇ ਬਾਵਜੂਦ ਉਨ੍ਹਾਂ ਦਾ ਪਿੰਡ ਸੜਕਾਂ ਵਰਗੀਆਂ ਬੁਨਿਆਦੀ ਸਹੂਲਤਾਂ ਉਡੀਕ ਰਿਹਾ ਹੈ। ਇੰਟਰਨੈੱਟ ਸਹੂਲਤ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। -ਪੀਟੀਆਈ