ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 4 ਜੂਨ
ਬੇਸ਼ੱਕ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਸੱਤ ਲੋਕ ਸਭਾ ਸੀਟਾਂ ਜਿੱਤ ਕੇ ਖ਼ੁਸ਼ੀ ਮਨਾ ਰਹੀ ਹੈ ਪਰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਨੂੰ ਬਚਾਉਣ ’ਚ ਕਾਂਗਰਸ ਪਾਰਟੀ ਕਾਮਯਾਬ ਨਹੀਂ ਹੋ ਸਕੀ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਜਿੱਥੋਂ ਕਾਂਗਰਸ ਪਾਰਟੀ ਨੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਵੀ ਦਿੱਤੇ ਹਨ ਅੱਜ ਉਸ ਵਿਧਾਨ ਸਭਾ ਹਲਕੇ ’ਚ ਕਾਂਗਰਸ ਪਾਰਟੀ ਆਪਣਾ ਗੜ੍ਹ ਬਚਾਉਣ ’ਚ ਲਗਾਤਾਰ ਅਸਫਲ ਹੁੰਦੀ ਜਾ ਰਹੀ ਹੈ। ਕਾਂਗਰਸ ਦਾ ਵੋਟ ਬੈਂਕ 45.61 ਫ਼ੀਸਦੀ ਤੋਂ ਘਟ ਕੇ 26.52 ਫ਼ੀਸਦੀ ਤੱਕ ਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2009 ਵਿੱਚ ਰਵਨੀਤ ਬਿੱਟੂ ਨੂੰ ਮਿਲੀ ਜਿੱਤ ਤੋਂ ਬਾਅਦ ਸਾਰੀਆਂ ਹੀ ਲੋਕ ਸਭਾ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰਾਂ ਨੂੰ ਹਾਰ ਮਿਲੀ ਹੈ। ਦੱਸਣਾ ਬਣਦਾ ਹੈ ਕਿ ਸਾਲ 2014 ਦੌਰਾਨ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਕਾਂਗਰਸੀ ਉਮੀਦਵਾਰ ਅੰਬਿਕਾ ਸੋਨੀ ਹਾਰ ਗਏ ਸਨ।
ਸਾਲ 2024 ਦੌਰਾਨ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਪਹਿਲੇ ਨੰਬਰ ’ਤੇ ਆਏ ਹਨ ਜਦੋਂਕਿ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੂਜੇ ਸਥਾਨ ’ਤੇ ਰਹੇ ਹਨ।