ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੂਨ
ਜੂਨ 1984 ’ਚ ਸ੍ਰੀ ਅਕਾਲ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਬਰਸੀ ਮੌਕੇ ਦਲ ਖ਼ਾਲਸਾ ਵੱਲੋਂ ਅੱਜ ਸ਼ਾਮ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ। ਇਹ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਦਰਬਾਰ ਸਾਹਿਬ ਤੱਕ ਕੀਤਾ ਗਿਆ। ਇਹ ਮਾਰਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਉਪਰੰਤ ਮੁਕੰਮਲ ਹੋਇਆ। ਪਾਰਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਥੇਬੰਦੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ’ਤੇ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਹਮਲੇ ਦੇ ਰੋਸ ਵਜੋਂ 6 ਜੂਨ ਨੂੰ ‘ਅੰਮ੍ਰਿਤਸਰ ਬੰਦ’ ਦਾ ਸੱਦਾ ਵੀ ਦਿੱਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਥਕ ਜਜ਼ਬਿਆਂ ਵਿੱਚ ਮੁੜ ਉਭਾਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਪ੍ਰਮਾਣ ਖਡੂਰ ਸਾਹਿਬ ਅਤੇ ਫ਼ਰੀਦਕੋਟ ਦੇ ਲੋਕਾਂ ਨੇ ਪੰਥਕ ਨੁਮਾਇੰਦਿਆਂ ਦੇ ਹੱਕ ਵਿੱਚ ਫ਼ਤਵਾ ਦੇ ਕੇ ਦਿੱਤਾ ਹੈ।
ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਪੁਲੀਸ ਦੇ ਡਿਪਟੀ ਕਮਿਸ਼ਨਰ (ਕਾਨੂੰਨ ਵਿਵਸਥਾ) ਆਲਮ ਵਿਜੇ ਸਿੰਘ ਨੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ-ਦੁਆਲੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਸਿੱਖ ਜਥੇਬੰਦੀ ਦਲ ਖਾਲਸਾ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲੀਸ ਨੇ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਬਲ ਅਤੇ ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।