ਨਵੀਂ ਦਿੱਲੀ, 6 ਜੂਨ
ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ ਵਾਧੂ ਪਾਣੀ ਛੱਡਣ ਲਈ ਤਿਆਰ ਹੈ। ਬੈਂਚ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਵੱਲੋਂ ਛੱਡੇ ਵਾਧੂ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਪਾਣੀ ਕੌਮੀ ਰਾਜਧਾਨੀ ਤੱਕ ਪਹੁੰਚ ਸਕੇ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਦਿੱਲੀ ਸਰਕਾਰ ਪਾਣੀ ਦੀ ਬਰਬਾਦੀ ਨਾ ਕਰੇ। ਅਦਾਲਤ ਨੇ ਹਿਮਾਚਲ ਪ੍ਰਦੇਸ਼ ਨੂੰ 7 ਜੂਨ ਨੂੰ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਸ ਬਾਰੇ ਪਹਿਲਾਂ ਹਰਿਆਣਾ ਨੂੰ ਸੂਚਿਤ ਕਰਨਾ ਹੋਵੇਗਾ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਪਾਣੀ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।