ਨਵੀਂ ਦਿੱਲੀ, 9 ਜੂਨ
ਨਰਿੰਦਰ ਮੋਦੀ ਨੇ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਉਹ ਅਜਿਹੇ ਮੰਤਰੀ ਮੰਡਲ ਦੀ ਪ੍ਰਧਾਨਗੀ ਕਰ ਰਹੇ ਹਨ ਜਿਸ ਵੱਲੋਂ ਨਿਰੰਤਰਤਾ ਤੇ ਤਜਰਬੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੀ ਸਰਕਾਰ ਵਿੱਚ ਆਪਣੀਆਂ ਭਾਈਵਾਲ ਪਾਰਟੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੀ ਹਾਜ਼ਰ ਸਨ ਜਦਕਿ ਵਿਰੋਧੀ ਧਿਰ ਦੇ ਹੋਰ ਆਗੂ ਗੈਰ-ਹਾਜ਼ਰ ਰਹੇ। ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਰੇ ਆਗੂ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਮੁਰਮੂ ਵੱਲੋਂ ਦਿੱਤੇ ਗਏ ਭੋਜ ਵਿੱਚ ਵੀ ਸ਼ਾਮਲ ਹੋਏ। ਇਸ ਹਲਫ਼ਦਾਰੀ ਸਮਾਗਮ ਦੌਰਾਨ ਕਈ ਸਿਆਸੀ ਦਿੱਗਜ, ਵੱਡੇ ਕਾਰੋਬਾਰੀ ਅਤੇ ਫਿਲਮੀ ਹਸਤੀਆਂ ਸਮੇਤ 9,000 ਤੋਂ ਜ਼ਿਆਦਾ ਲੋਕ ਹਾਜ਼ਰ ਸਨ। ਸਮਾਗਮ ਲਈ ਸਫ਼ਾਈ ਕਾਮਿਆਂ, ਟਰਾਂਸਜੈਂਡਰਜ਼ ਅਤੇ ਸੰਸਦ ਭਵਨ ਦੀ ਨਵੀਂ ਇਮਾਰਤ ਉਸਾਰਨ ਵਾਲਿਆਂ ਨੂੰ ਵੀ ਉਚੇਚੇ ਤੌਰ ’ਤੇ ਸੱਦਾ ਦਿੱਤਾ ਗਿਆ ਸੀ। -ਪੀਟੀਆਈ