ਪੱਤਰ ਪ੍ਰੇਰਕ
ਕਾਲਾਂਵਾਲੀ, 9 ਜੂਨ
ਪਿੰਡ ਕਾਲਾਂਵਾਲੀ ਦੇ ਵਾਰਡ 12 ਅਤੇ 13 ਦੇ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਵਾਰਡ ਦੇ ਲੋਕਾਂ ਨੇ ਜਨ ਸਿਹਤ ਵਿਭਾਗ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ। ਵਾਰਡ ਵਾਸੀਆਂ ਨੇ ਵਿਭਾਗ ਪ੍ਰਤੀ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਹੀਂ ਹੋ ਰਹੀ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਣ ਵਾਲਾ ਪਾਣੀ ਲੈਣ ਲਈ ਦੂਰ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਸਮੱਸਿਆ ਸਬੰਧੀ ਕਈ ਵਾਰ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਅੱਜ ਤੱਕ ਸਮੱਸਿਆ ਦਾ ਹੱਲ ਨਹੀਂ ਹੋਇਆ। ਇਨ੍ਹੀਂ ਦਿਨੀਂ ਸਖਤ ਗਰਮੀ ਵਿੱਚ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਖਰੀਦਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਜਾਂਚ ਕਰਨ ਆਉਂਦੇ ਹਨ, ਟੋਏ ਪੁੱਟਦੇ ਹਨ ਅਤੇ ਰਸਮੀ ਕਾਰਵਾਈ ਪੂਰੀ ਕਰਕੇ ਚਲੇ ਜਾਂਦੇ ਹਨ। ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਜੇਕਰ ਛੇਤੀ ਪੀਣ ਵਾਲੇ ਪਾਣੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਮੱਖਣ ਲਾਲ, ਸੰਤੋਸ਼ ਸਿੰਘ, ਪਵਨ ਕੁਮਾਰ, ਮਿੱਠੂ ਰਾਮ, ਰਾਮ ਚੰਦਰ, ਵਿਜੇ ਕੁਮਾਰ ਆਦਿ ਹਾਜ਼ਰ ਸਨ।