ਆਤਿਸ਼ ਗੁਪਤਾ
ਚੰਡੀਗੜ੍ਹ, 9 ਜੂਨ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਇੱਕ ਵਾਰ ਮੁੜ ਤੋਂ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਗਰਮੀ ਵਧਣ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਵੀ ਮੁੜ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਗਰਮੀ ਕਰਕੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦੇ ਰਹੇ ਹਨ। ਗਰਮੀ ਵਧਣ ਕਾਰਨ ਸੂਬੇ ਦਾ ਤਾਪਮਾਨ ਵੀ ਆਮ ਨਾਲੋਂ 2 ਤੋਂ 5 ਡਿਗਰੀ ਸੈਲਸੀਅਸ ਤੱਕ ਵਧ ਗਿਆ ਹੈ। ਅੱਜ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਬਰਨਾਲਾ, ਬਠਿੰਡਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ ਜ਼ਿਆਦਾ ਹੈ। ਉੱਧਰ, ਮੌਸਮ ਵਿਭਾਗ ਨੇ ਅਗਲਾ ਪੂਰਾ ਹਫ਼ਤਾ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 10, 11, 12 ਤੇ 13 ਜੂਨ ਨੂੰ ਗਰਮੀ ਪੈਣ ਸਬੰਧੀ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਹੀ ਬਿਜਲੀ ਵਿਭਾਗ ਦੀਆਂ ਮੁਸ਼ਕਲਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ ਹਨ। ਬਿਜਲੀ ਟਰਾਂਸਫਾਰਮਰਾਂ ’ਤੇ ਲੋਡ ਵਧਣ ਕਰਕੇ ਕਈ ਥਾਵਾਂ ’ਤੇ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ। ਸੂਬੇ ਵਿੱਚ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ’ਤੇ ਪਹੁੰਚ ਗਈ ਹੈ। ਦੁਪਹਿਰ ਸਮੇਂ ਤਾਂ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚ ਗਈ ਸੀ, ਪਰ ਸ਼ਾਮ ਹੁੰਦਿਆਂ ਹੀ ਇਹ ਘਟ ਕੇ 9800 ਮੈਗਾਵਾਟ ਰਹਿ ਗਈ ਹੈ। ਦੂਜੇ ਪਾਸੇ ਗਰਮੀ ਵਧਣ ਕਰਕੇ ਸਬਜ਼ੀ ਤੇ ਫ਼ਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਕਾਰਨ ਸਬਜ਼ੀਆਂ ਸੁੱਕ ਰਹੀਆਂ ਹਨ, ਜਿਨ੍ਹਾਂ ਨੂੰ ਲੋੜ ਨਾਲੋਂ ਵੱਧ ਪਾਣੀ ਦੇਣਾ ਪੈ ਰਿਹਾ ਹੈ।
ਮੌਸਮ ਵਿਗਿਆਨੀਆਂ ਵੱਲੋਂ ਗਰਮੀ ਵਧਣ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਗਰਮੀ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਬਾਹਰ ਘੱਟ ਨਿਕਲਿਆ ਜਾਵੇ। ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦਾ ਅੰਮ੍ਰਿਤਸਰ ਤੇ ਪਟਿਆਲਾ ਸ਼ਹਿਰ ਸਭ ਤੋਂ ਗਰਮ ਰਹੇ ਜਿੱਥੇ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਤੇ ਲੁਧਿਆਣਾ ’ਚ ਤਾਪਮਾਨ 42.1- 42.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਬਠਿੰਡਾ ਏਅਰਪੋਰਟ ’ਚ ਤਾਪਮਾਨ 42.2 ਡਿਗਰੀ ਸੈਲਸੀਅਸ, ਫ਼ਰੀਦਕੋਟ ’ਚ 40.5 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 42.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 41 ਡਿਗਰੀ ਸੈਲਸੀਅਸ, ਬਰਨਾਲਾ ਵਿੱਚ 42.1 ਡਿਗਰੀ ਸੈਲਸੀਅਸ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 41.6 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 41.5 ਡਿਗਰੀ ਸੈਲਸੀਅਸ, ਜਲੰਧਰ ਵਿੱਚ 41.2 ਡਿਗਰੀ ਸੈਲਸੀਅਸ, ਮੋਗਾ ਵਿੱਚ 40.9 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 40.5 ਡਿਗਰੀ ਸੈਲਸੀਅਸ, ਰੋਪੜ ਵਿੱਚ 41 ਡਿਗਰੀ ਸੈਲਸੀਅਸ, ਰੂਪਨਗਰ ’ਚ 41.8 ਡਿਗਰੀ ਸੈਲਸੀਅਸ ਅਤੇ ਮੁਹਾਲੀ ਵਿੱਚ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।