ਖੇਤਰੀ ਪ੍ਰਤੀਨਿਧ
ਪਟਿਆਲਾ, 9 ਜੂਨ
ਨਹਿਰੀ ਪਟਵਾਰ ਯੂਨੀਅਨ ਵੱਲੋਂ ਵਿਭਾਗ ਦੀ ਕਥਿਤ ਧੱਕੇਸ਼ਾਹੀ ਖ਼ਿਲਾਫ਼ 16 ਮਈ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਵਿਭਾਗ ਵੱਲੋਂ ਨਹਿਰੀ ਪਟਵਾਰੀਆਂ ਦੀ ਹੜਤਾਲ ਦੇ ਦਿਨਾਂ ਦੀ ਤਨਖਾਹ ਕੱਟਣ ਦਾ ਪੱਤਰ ਜਾਰੀ ਹੋਇਆ ਹੈ ਜਿਸ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ਼). ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਹੱਕੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ ਹੜਤਾਲ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ। ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੰਗਾਂ ਦਾ ਹੱਲ ਕਰੇ। ਉਨ੍ਹਾਂ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਵਾਲਾ ਪੱਤਰ ਵਾਪਸ ਲੈਣ ਅਤੇ ਨਹਿਰੀ ਪਟਵਾਰੀਆਂ ਦੀ ਤਨਖਾਹ ਬਿਨਾਂ ਕਿਸੇ ਕਟੌਤੀ ਦੇ ਪਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਨਹਿਰੀ ਪਟਵਾਰੀਆਂ ਤੋਂ ਪੰਜਾਬ ਸਰਕਾਰ ਦਾ ਉੱਚ ਅਧਿਕਾਰੀ ਖੇਤਾਂ ਵਿੱਚ ਪਾਣੀ ਦੀ ਪਹੁੰਚ ਨੂੰ ਲੈ ਕੇ ਗਲਤ ਰਿਪੋਰਟਾਂ ਤਿਆਰ ਕਰਨ ਦਾ ਦਬਾਅ ਬਣਾ ਰਿਹਾ ਹੈ। ਜਿਸ ਦਾ ਪਟਵਾਰ ਯੂਨੀਅਨ ਲਗਾਤਾਰ ਵਿਰੋਧ ਕਰ ਰਹੀ ਹੈ।