ਖੇਤਰੀ ਪ੍ਰਤੀਨਿਧ
ਐਸਏਐਸ ਨਗਰ (ਮੁਹਾਲੀ), 9 ਜੂਨ
ਪੰਚਾਇਤ ਵਿਭਾਗ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕੀਤੇ ਜਾਣ ਕਾਰਨ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਵਿੱਚੋਂ ਸੇਵਾਮੁਕਤ ਹੋਏ ਕਰਮਚਾਰੀ ਕਾਫ਼ੀ ਔਖੇ ਹਨ। ਪੈਨਸ਼ਨਰਾਂ ਨੇ 11 ਜੂਨ ਨੂੰ ਪੰਚਾਇਤ ਵਿਭਾਗ ਦੇ ਮੁਹਾਲੀ ਦੇ ਫੇਜ਼ 8 ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਅੱਗੇ ਸੂਬਾਈ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਅਤੇ ਸਕੱਤਰ ਜਗੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਹੋਰ ਵਿਭਾਗਾਂ ਦੇ ਪੈਨਸ਼ਨਰਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਹੋ ਚੁੱਕੀ ਹੈ, ਪਰ ਪੰਚਾਇਤੀ ਰਾਜ ਦੇ ਪੈਨਸ਼ਨਰ ਹਾਲੇ ਤੱਕ ਇਸ ਤੋਂ ਵਾਂਝੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਇਸ ਮਾਮਲੇ ਸਬੰਧੀ ਵਿਭਾਗ ਦੇ ਮੰਤਰੀ ਅਤੇ ਅਧਿਕਾਰੀਆਂ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਕਿਸੇ ਨੇ ਵੀ ਪੈਨਸ਼ਨਰਾਂ ਦੀ ਮੰਗ ਵੱਲ ਤਵੱਜੋ ਨਹੀਂ ਦਿੱਤੀ। ਦੋਵਾਂ ਆਗੂਆਂ ਨੇ ਆਖਿਆ ਕਿ ਪੈਨਸ਼ਨਰ ਹੁਣ ਆਰ-ਪਾਰ ਦੀ ਲੜਾਈ ਲੜਨਗੇ ਅਤੇ ਜੇਕਰ ਉਨ੍ਹਾਂ ਨੂੰ ਤੁਰੰਤ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਕੇ ਸਾਰੇ ਬਕਾਏ ਨਾ ਦਿੱਤੇ ਗਏ ਤਾਂ ਯੂਨੀਅਨ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪੱਕਾ ਮੋਰਚਾ ਲਾਉਣ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਮੁੱਖ ਮੰਤਰੀ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਲਾਗੂ ਕਰਨ ਲਈ ਨਿਰਦੇਸ਼ ਦੇਣ।