ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਪੁਲੀਸ ਨੇ ਹਥਿਆਰਾਂ ਦੀ ਤਸਕਰੀ ਅਤੇ ਸ਼ਰਾਬ ਕਾਰੋਬਾਰੀਆਂ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਹੇਠ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹ ਦੋਵੇਂ ਪਾਕਿਸਤਾਨ ਅਧਾਰਿਤ ਅਤਿਵਾਦੀ ਅਤੇ ਤਸਕਰ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਬੀਰ ਸਿੰਘ ਵਾਸੀ ਪਿੰਡ ਤਲਵੰਡੀ ਰਾਏ ਦਾਦੂ ਅਤੇ ਕਰਨਦੀਪ ਸਿੰਘ ਵਾਸੀ ਪਿੰਡ ਜਲਾਲ ਉਸਮਾਂ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੂੰ ਸੀਆਈਏ ਸਟਾਫ਼ ਦੀ ਪੁਲੀਸ ਵੱਲੋਂ ਕਾਬੂ ਕੀਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਤਬੀਰ ਸਿੰਘ ਦੇ ਕੋਲੋਂ ਬੈਰੇਟਾ ਪਿਸਤੌਲ, 13 ਕਾਰਤੂਸ ਅਤੇ ਫਾਰਚੂਨਰ ਕਾਰ ਬਰਾਮਦ ਹੋਈ ਹੈ। ਮੁੱਢਲੀ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਉਸ ਨੇ ਪਿਛਲੇ 10 ਦਿਨਾਂ ਦੌਰਾਨ ਸਰਹੱਦ ਪਾਰੋਂ ਆਏ ਚਾਰ ਪਿਸਤੌਲਾਂ ਦੀ ਤਸਕਰੀ ਕੀਤੀ ਹੈ। ਉਸ ਵੱਲੋਂ ਅਜਨਾਲਾ ਵਾਸੀ ਨੌਜਵਾਨ ਨੂੰ ਅਗਵਾ ਵੀ ਕੀਤਾ ਗਿਆ ਸੀ। ਇਸ ਸਬੰਧ ਵਿੱਚ ਥਾਣਾ ਸੁਲਤਾਨਵਿੰਡ ਵਿੱਚ ਅਸਲਾ ਐਕਟ ਦੀ ਹੇਠ ਕੇਸ ਦਰਜ ਕੀਤਾ ਗਿਆ। ਦੂਜੇ ਕੇਸ ਵਿੱਚ ਥਾਣਾ ਬੀ ਡਿਵੀਜ਼ਨ ਦੀ ਪੁਲੀਸ ਨੇ ਕਰਨਦੀਪ ਸਿੰਘ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਅਤਿਵਾਦੀ ਅਤੇ ਤਸਕਰ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰੇ ’ਤੇ ਸੂਬੇ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਕੋਲੋਂ ਜਬਰੀ ਵਸੂਲੀ ਦੇ ਧੰਦੇ ਨੂੰ ਚਲਾ ਰਿਹਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਨੇ ਬਟਾਲਾ ਅਤੇ ਅੰਮ੍ਰਿਤਸਰ ਦਿਹਾਤੀ ਪੁਲੀਸ ਖੇਤਰ ਵਿੱਚ ਕਈ ਸ਼ਰਾਬ ਦੇ ਠੇਕਿਆਂ ਨੂੰ ਅੱਗ ਲਾਈ ਅਤੇ ਠੇਕਿਆਂ ਦੇ ਬਾਹਰ ਗੋਲੀਆਂ ਵੀ ਚਲਾਈਆਂ। ਮੁਲਜ਼ਮ ਪੁਲੀਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।