ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੂਨ
ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਆਪਣੀ ਵਾਇਰਲ ਹੋਈ ਵੀਡੀਓ ਤੋਂ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਉਨ੍ਹਾਂ ਅੱਜ ਇੱਕ ਨਵੀਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੁਰਾਣੀ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਇਸ ਦਾ ਸਿਆਸੀ ਲਾਹਾ ਲੈਣ ਦਾ ਯਤਨ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਬਾਰੇ ਗੱਲ ਆਖੀ ਸੀ ਕਿ ਉਨ੍ਹਾਂ ਦੇ ਸਮੇਂ ਤੋਂ ਚੱਲੇ ਆ ਰਹੇ ਨਸ਼ੇ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਨੇ ਸਮਾਜ ਵਿੱਚ ਡੂੰਘੀਆਂ ਜੜ੍ਹਾਂ ਵਿਛਾਈਆਂ ਹੋਈਆਂ ਹਨ ਜਿਸ ਨੂੰ ਸਾਫ ਕਰਨ ਲਈ ਹਾਲੇ ਸਮਾਂ ਲੱਗੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦਾ ਨਤੀਜਾ ਆਉਣ ਤੋਂ ਬਾਅਦ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਪਿਛਲੀਆਂ ਸਰਕਾਰਾਂ ਸਮੇਂ ਦੇ ਵਰਤਾਰੇ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਆਪਣੀ ਸਰਕਾਰ ਬਾਰੇ ਅਜਿਹਾ ਨਹੀਂ ਕਿਹਾ। ਉਨ੍ਹਾਂ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹਨ ਅਤੇ ਉਹ ਵੀ ਮੁੱਖ ਮੰਤਰੀ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਵਾਸਤੇ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਹੋਵੇਗੀ ਅਤੇ ਇਸ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬੀਤੇ ਕੱਲ੍ਹ ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਆਪਣੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਬਦਲਾਅ ਦੇ ਨਾਂ ’ਤੇ ਆਈ ਸਰਕਾਰ ਵਿੱਚ ਕੋਈ ਬਦਲਾਅ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਸੀ ਕਿ ਸਮਾਜ ਵਿੱਚ ਨਸ਼ੇ ਦਾ ਕਾਰੋਬਾਰ ਪਹਿਲਾਂ ਵਾਂਗ ਹੀ ਜਾਰੀ ਹੈ ਅਤੇ ਭ੍ਰਿਸ਼ਟਾਚਾਰ ਪਹਿਲਾਂ ਨਾਲੋਂ ਵੱਧ ਗਿਆ ਹੈ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਵਿਧਾਇਕ ਅਜੈ ਗੁਪਤਾ ਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਵੀ ਕਿਹਾ ਗਿਆ ਸੀ। ਇਸ ਵੀਡੀਓ ਦੇ ਵਾਇਰਲ ਹੋਣ ਨਾਲ ਪੰਜਾਬ ਸਰਕਾਰ ਦੀ ਹਰ ਥਾਂ ਚਰਚਾ ਹੋ ਰਹੀ ਸੀ।