ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੂਨ
ਖੱਬੇ ਪੱਖੀ ਵਿਦਿਆਰਥੀ ਯੂਨੀਅਨਾਂ ਦੇ ਮੈਂਬਰਾਂ ਨੇ ਅੱਜ ਇੱਥੇ ਸਿੱਖਿਆ ਮੰਤਰਾਲੇ ਦੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਨੀਟ ਯੂਜੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੀ ਮੰਗ ਕੀਤੀ। ਇਸ ਮੌਕੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਕਿਹਾ ਕਿ ਸਿੱਖਿਆ ਮੰਤਰਾਲੇ ਨੇ ਪ੍ਰੀਖਿਆ ਵਿੱਚ 1,500 ਤੋਂ ਵੱਧ ਉਮੀਦਵਾਰਾਂ ਨੂੰ ਦਿੱਤੇ ਗਏ ਗਰੇਸ ਅੰਕਾਂ ਦੀ ਸਮੀਖਿਆ ਕਰਨ ਲਈ ਚਾਰ ਮੈਂਬਰੀ ਪੈਨਲ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ 67 ਉਮੀਦਵਾਰਾਂ ਨੇ ਨੀਟ ਯੂਜੀ ਮੈਡੀਕਲ ਦਾਖਲਾ ਪ੍ਰੀਖਿਆ ਵਿੱਚ ਪਹਿਲਾ ਰੈਂਕ ਸਾਂਝਾ ਕੀਤਾ ਹੈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਉਪ ਪ੍ਰਧਾਨ ਅਵਿਜੀਤ ਘੋਸ਼ ਨੇ ਕਿਹਾ ਕਿ ਵਿਦਿਆਰਥੀ ਜਵਾਬਦੇਹੀ ਯਕੀਨੀ ਬਣਾਉਣ ਲਈ ਨੀਟ ਯੂਜੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਪਾਰਦਰਸ਼ੀ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਘੋਸ਼ ਨੇ ਕਿਹਾ ਕਿ ਵਿਦਿਆਰਥੀ ਭਾਈਚਾਰਾ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦੀ ਮੰਗ ਲਈ ਇੱਕਜੁਟ ਹੈ। ਘੋਸ਼ ਨੇ ਕਿਹਾ ਕਿ ਅਣਗਿਣਤ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਹੈ ਤੇ ਮੰਤਰਾਲੇ ਨੂੰ ਇਨ੍ਹਾਂ ਗਮੁੱਦਿਆਂ ਨੂੰ ਹੱਲ ਕਰਨ ਲਈ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰੀਖਿਆ ਦਾ ਨਤੀਜਾ 4 ਜੂਨ ਨੂੰ ਘੋਸ਼ਿਤ ਕੀਤਾ ਗਿਆ ਸੀ ਅਤੇ ਮਗਰੋਂ ਉਮੀਦਵਾਰਾਂ ਨੇ ਨਵੇਂ ਸਿਰੇ ਤੋਂ ਪ੍ਰੀਖਿਆ ਦੀ ਮੰਗ ਕਰਦੇ ਹੋਏ ਟੈਸਟ ਵਿੱਚ ਬੇਨਿਯਮੀਆਂ ਸਣੇ ਕਈ ਦੋਸ਼ ਲਾਏ ਸਨ।