ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਜੂਨ
ਸਥਾਨਕ ਨਗਰ ਨਿਗਮ ਦਫ਼ਤਰ ਵਿੱਚ ਆਊਟਸੋਰਸ ਕਰਮਚਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਮੁਲਾਜ਼ਮ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਹਰਪ੍ਰੀਤ ਸਿੰਘ ਤੇ ਬਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਐਕਸ਼ਨ ਕਮੇਟੀ ਨੇ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਬਤੌਰ ਆਊਟਸੋਰਸ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਅੱਜ ਤੱਕ ਇਨ੍ਹਾਂ ਦੀ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਨੇ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਸੇਵਾਵਾਂ ਨਿਭਾ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਲਾਮਬੰਦ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।