ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੂਨ
ਸਿਆਸੀ ਸੰਕਟ ’ਚੋਂ ਗੁਜ਼ਰ ਰਹੇ ਸ਼੍ਰੋਮਣੀ ਅਕਾਲੀ ਦਲ ’ਚ ਇੱਕ ਦੂਜੇ ਉਪਰ ਸਿਆਸੀ ਦੂਸ਼ਣਬਾਜ਼ੀਆਂ ਦਾ ਦੌਰ ਜਾਰੀ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਨਮੋਸ਼ੀ ਭਰੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾਂ ਵਲੋਂ ਲੰਘੇ ਕੱਲ੍ਹ ਢੀਂਡਸਾ ਪਰਿਵਾਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਾਉਂਦਿਆਂ ਉਨ੍ਹਾਂ ਖ਼ਿਲਾਫ਼ ਸਖਤ ਫੈਸਲਾ ਲੈਣ ਦੀ ਮੰਗ ਕੀਤੀ ਸੀ। ਝੂੰਦਾਂ ਵਲੋਂ ਲਗਾਏ ਦੋਸ਼ਾਂ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਤੇ ਕਬੱਡੀ ਪ੍ਰਮੋਟਰ ਕਰਨ ਘੁਮਾਣ ਦਿੜਬਾ ਨੇ ਸੋਸ਼ਲ ਮੀਡੀਆ ’ਤੇ ਮੋੜਵਾਂ ਜਵਾਬ ਦਿੱਤਾ ਹੈ। ਕਰਨ ਘੁਮਾਣ ਨੇ ਕਿਹਾ ਕਿ ਹਿੱਕ ਠੋਕ ਕੇ ਕਹਿੰਦੇ ਹਨ ਕਿ ਉਨ੍ਹਾਂ ਇਕਬਾਲ ਸਿੰਘ ਝੂੰਦਾਂ ਦੀ ਹਮਾਇਤ ਨਹੀਂ ਕੀਤੀ ਅਤੇ ਚੁੱਪ ਕਰਕੇ ਘਰ ਬੈਠੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੀ ਟਿਕਟ ਸਬੰਧੀ ਰਾਇ ਲਈ ਸੀ ਤਾਂ ਸਪੱਸ਼ਟ ਰੂਪ ਵਿਚ ਕਿਹਾ ਸੀ ਕਿ ਜੇਕਰ ਕੋਈ ਆਗੂ ਪਾਰਟੀ ਟਿਕਟ ਲਈ ਦਾਅਵੇਦਾਰ ਹੈ, ਉਹ ਪਰਮਿੰਦਰ ਸਿੰਘ ਢੀਂਡਸਾ ਹੈ। ਉਨ੍ਹਾਂ ਆਖਿਆ ਕਿ ਜੇਕਰ ਹੁਣ ਵੀ ਹਲਕੇ ਦਾ ਸਰਵੇਖਣ ਕਰਵਾਇਆ ਜਾਵੇ ਤਾਂ ਪਰਮਿੰਦਰ ਸਿੰਘ ਢੀਂਡਸਾ ਹੀ ਮਜ਼ਬੂਤ ਉਮੀਦਵਾਰ ਸਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਇੱਕ ਵਰਕਰ ਚਾਹੁੰਦਾ ਸੀ ਕਿ ਲੋਕ ਸਭਾ ਹਲਕਾ ਸੰਗਰੂਰ ਲਈ ਪਾਰਟੀ ਟਿਕਟ ਪਰਮਿੰਦਰ ਸਿੰਘ ਢੀਂਡਸਾ ਨੂੰ ਮਿਲੇ।