ਨਵੀਂ ਦਿੱਲੀ, 14 ਜੂਨ
ਸੁਪਰੀਮ ਕੋਰਟ ਨੇ ਨੀਟ-ਯੂਜੀ ਵਿਵਾਦ ਬਾਰੇ ਵੱਖ-ਵੱਖ ਹਾਈ ਕੋਰਟਾਂ ਵਿਚਲੇ ਮਾਮਲਿਆਂ ਨੂੰ ਸੁਪਰੀਮ ਕੋਰਟ ’ਚ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਦੀ ਪਟੀਸ਼ਨ ‘ਤੇ ਅੱਜ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਛੁੱਟੀ ਵਾਲੇ ਬੈਂਚ ਨੇ ਐੱਨਟੀਏ ਦੇ ਵਕੀਲ ਦੀ ਇਸ ਗੱਲ ‘ਤੇ ਨੋਟਿਸ ਲਿਆ ਕਿ ਕਈ ਹਾਈ ਕੋਰਟਾਂ ‘ਚ ਕਈ ਪਟੀਸ਼ਨਾਂ ਪਈਆਂ ਹਨ, ਜਿਨ੍ਹਾਂ ਵਿੱਚ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਦੋਸ਼ਾਂ ਵਿੱਚ ਕੌਮੀ ਯੋਗਤਾ ਕਮ ਦਾਖਲਾ ਪ੍ਰੀਖਿਆ-ਗ੍ਰੈਜੂਏਟ (ਨੀਟ-ਯੂਜੀ) 2024 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਬੈਂਚ ਨੇ ਨੋਟਿਸ ਜਾਰੀ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।