ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੂਨ
ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦਾ ਵਫ਼ਦ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਨੂੰ ਮਿਲਿਆ। ਵਫ਼ਦ ਵਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿਚ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਕਰਵਾਉਣ ਮੌਕੇ ਆ ਰਹੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਅਤੇ ਬੋਲੀਆਂ ਦੇ ਰੇਟ ਦੇ ਸਬੰਧ ਵਿਚ ਵਿਚਾਰ ਕੀਤੀ ਗਈ। ਇਸ ਮਗਰੋਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਧਰਮਪਾਲ ਨਮੋਲ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਰਕਾਰ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਉੱਪਰ ਬੋਲੀਆਂ ਪਿਛਲੇ ਰੇਟ ਨਾਲੋਂ ਵਧਾ ਕੇ ਕਰਨ ਦੇ ਹੁਕਮ ਦਿੰਦੀ ਆ ਰਹੀ ਹੈ, ਗਲਤ ਹੈ। ਜ਼ਮੀਨਾਂ ਦਾ ਮਸਲਾ ਅੱਜ ਡੀਡੀਪੀਓ ਸੰਗਰੂਰ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਲਿਖਤੀ ਤੌਰ ’ਤੇ ਮੰਗ ਪੱਤਰ ਦਿੱਤਾ ਗਿਆ। ਡੀਡੀਪੀਓ ਨੇ ਸਾਰੇ ਮਾਮਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।