ਐੱਸਏਐੱਸ ਨਗਰ (ਪੱਤਰ ਪ੍ਰੇਰਕ): ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣੇ ਵਿੱਚ ਦਰਜ ਅਸਲਾ ਐਕਟ ਦੇ ਮਾਮਲੇ ਵਿੱਚ ਗੈਂਗਸਟਰ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਸੰਪਤ ਨਹਿਰਾ ਅਤੇ ਦੀਪਕ ਟੀਨੂੰ ਖ਼ਿਲਾਫ਼ ਪਿਛਲੇ ਸਾਲ ਨਾਜਾਇਜ਼ ਅਸਲੇ ਦਾ ਪਰਚਾ ਦਰਜ ਕੀਤਾ ਗਿਆ ਸੀ। ਇਹ ਦੋਵੇਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਨਾਮਜ਼ਦ ਹਨ। ਮੌਜੂਦਾ ਸਮੇਂ ਵਿੱਚ ਉਹ ਬਠਿੰਡਾ ਜੇਲ੍ਹ ਵਿੱਚ ਬੰਦ ਹਨ। ਸਟੇਟ ਕਰਾਈਮ ਥਾਣੇ ਦੀ ਟੀਮ ਅੱਜ ਗੈਂਗਸਟਰ ਸੰਪਤ ਨਹਿਰਾ ਅਤੇ ਦੀਪਕ ਟੀਨੂੰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕਰ ਕੇ ਮੁਹਾਲੀ ਲੈ ਕੇ ਆਈ ਸੀ।