ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਪੰਜਾਬ ਪੁਲੀਸ ਨੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਤੀਜੇ ਦਿਨ ਸੂਬੇ ਭਰ ’ਚ ਨਾਕੇ ਲਗਾ ਕੇ ਦੋ-ਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ। ਇਹ ਨਾਕਾਬੰਦੀ ਸੂਬੇ ਭਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤੀ ਗਈ ਹੈ। ਇਸ ਦੌਰਾਨ 2684 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਸੂਬੇ ਭਰ ਵਿੱਚ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ। ਪੁਲੀਸ ਨੇ ਚਾਰ ਘੰਟਿਆਂ ਵਿੱਚ 12,040 ਵਾਹਨਾਂ ਦੀ ਚੈਕਿੰਗ ਕਰ ਕੇ 603 ਦੇ ਚਲਾਨ ਕੀਤੇ ਅਤੇ 35 ਨੂੰ ਜ਼ਬਤ ਕੀਤਾ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਪੁਲੀਸ ਕਮਿਸ਼ਨਰਜ਼ ਤੇ ਐੱਸਐੱਸਪੀਜ਼ ਨੂੰ ਹਰੇਕ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਨੇ ਸ਼ੱਕੀ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਹੈ।