ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਜੂਨ
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਗਈ ਹੈ। ਇਸ ਮੌਕੇ ਸ਼ਤਾਬਦੀਆਂ ਸਬੰਧੀ ਲੋਗੋ ਅਤੇ ਹੋਰ ਸਮੱਗਰੀ ਵੀ ਜਾਰੀ ਕੀਤੀ ਗਈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸਤੰਬਰ ਮਹੀਨੇ ਦੋ ਸ਼ਤਾਬਦੀਆਂ ਵੱਡੇ ਪੱਧਰ ’ਤੇ ਮਨਾਈਆਂ ਜਾਣੀਆਂ ਹਨ, ਜਿਸ ਦੀਆਂ ਤਿਆਰੀਆਂ ਲਗਪਗ ਮੁਕੰਮਲ ਹੋ ਗਈਆਂ ਹਨ। ਇਨ੍ਹਾਂ ਸ਼ਤਾਬਦੀਆਂ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਮੁਫ਼ਤ ਵਿਦਿਆ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਸਿੱਖ ਬੱਚੀਆਂ ਨੂੰ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ 100 ਸਿੱਖ ਬੱਚੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ, ਜਿਸ ਦਾ ਵਿਸਥਾਰ ਕਰਦੇ ਹੋਏ ਇਹ ਸੀਟਾਂ 150 ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪੀਲੀਭੀਤ ਵਿੱਚ ਗ੍ਰੰਥੀ ਸਿੰਘ ਦੀ ਬੇਟੀ ਨਾਲ ਵਾਪਰੀ ਘਟਨਾ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਪੀੜਤ ਪਰਿਵਾਰ ਨੂੰ ਹਰ ਮਦਦ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪ੍ਰਸ਼ਾਸਨ ਨਾਲ ਸੰਪਰਕ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ’ਚੋਂ ਦੋ ਵਿਅਕਤੀ ਸੱਤਾਧਾਰੀ ਪਾਰਟੀ ਨਾਲ ਸਬੰਧ ਰੱਖਦੇ ਹਨ, ਜਿਨ੍ਹਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਸਾਰੇ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਮੀਟਿੰਗ ’ਚ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਹੋਰ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ।