ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਜੂਨ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਸੂਬੇ ਅੰਦਰ ਨਸ਼ਿਆਂ ਦੇ ਵਿਗੜ ਰਹੇ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਢਾਈ ਸਾਲਾਂ ਦੌਰਾਨ ਹਜ਼ਾਰਾਂ ਲੋਕਾਂ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਦੀ ਭੇਟ ਚੜ੍ਹ ਚੁੱਕੇ ਹਨ ਪਰ 24 ਘੰਟੇ ’ਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ’ਚ ਆਈ ਸਰਕਾਰ 30 ਮਹੀਨਿਆਂ ’ਚ ਵੀ ਵਾਅਦਾ ਪੂਰਾ ਨਹੀਂ ਕਰ ਸਕੀ।
ਅੱਜ ਇੱਥੇ ਗੱਲਬਾਤ ਕਰਦਿਆਂ ਰਜਨੀਸ਼ ਧੀਮਾਨ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਅਤੇ ਇਸੇ ਕਰ ਕੇ ਜਨਤਾ ਨੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਬਹੁਮੱਤ ਨਾਲ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਨੇ ਦੋ ਕੰਮ ਵਧੀਆ ਕੀਤੇ ਹਨ, ਇੱਕ ਤਾਂ ਬਿਆਨਬਾਜ਼ੀ ਅਤੇ ਦੂਜਾ ਇਸ਼ਤਿਹਾਰਬਾਜ਼ੀ ।
ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਇਨ੍ਹਾਂ ਨੇ ਕੋਈ ਹੋਰ ਕੰਮ ਨਹੀਂ ਕੀਤਾ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਸਵਾਲ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਹੁਣ ਤਾਂ ਖੁਦ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਨਸ਼ਿਆਂ ਖ਼ਿਲਾਫ਼ ਆਪਣੀ ਹੀ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ।