ਸੰਤੋਖ ਗਿੱਲ
ਰਾਏਕੋਟ, 20 ਜੂਨ
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰ ਪੱਖੀ 44 ਕਾਨੂੰਨਾਂ ਦਾ ਭੋਗ ਪਾ ਕੇ ਕਾਰਪੋਰੇਟ ਪੱਖੀ ਬਣਾਏ ਚਾਰ ਲੇਬਰ ਕੋਡ ਲਾਗੂ ਕਰਨ ਵਿਰੁੱਧ ਉਹ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਮਜ਼ਦੂਰ ਆਗੂਆਂ ਨੂੰ ਭਰੋਸਾ ਦਿੱਤਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਮਜ਼ਦੂਰਾਂ ਨਾਲ ਨਿਆਂ ਲਈ ਜੋ ਵਾਅਦੇ ਕੀਤੇ ਸੀ, ਉਨ੍ਹਾਂ ਦੀ ਪੂਰਤੀ ਲਈ ਉਹ ਸੰਸਦ ਦੇ ਅੰਦਰ ਅਤੇ ਬਾਹਰ ਵੀ ਅੱਗੇ ਹੋ ਕੇ ਲੜਾਈ ਲੜਨਗੇ। ਸੰਸਦ ਮੈਂਬਰ ਚੁਣੇ ਜਾਣ ਬਾਅਦ ਡਾਕਟਰ ਅਮਰ ਸਿੰਘ ਖੱਬੇ-ਪੱਖੀ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਦਾ ਧੰਨਵਾਦ ਕਰਨ ਲਈ ਪਹੁੰਚੇ ਸਨ।
ਡਾਕਟਰ ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ, ਆਂਗਣਵਾੜੀ, ਮਿਡ-ਡੇ ਮੀਲ ਅਤੇ ਹੋਰ ਸਕੀਮ ਵਰਕਰਾਂ ਦੀ ਉਜਰਤ ਦੁੱਗਣੀ ਕਰਨ ਲਈ ਉਹ ਅਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਜਦੋਂ ਵੀ ‘ਇੰਡੀਆ ਗੱਠਜੋੜ’ ਦੀ ਸਰਕਾਰ ਬਣੀ ਤਾਂ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਹਲਕਾ ਰਾਏਕੋਟ ਦੇ ਇੰਚਾਰਜ ਕਾਮਿਲ ਅਮਰ ਸਿੰਘ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਸਮੇਤ ਹੋਰ ਸਿਰਕੱਢ ਕਾਂਗਰਸ ਆਗੂ ਵੀ ਇਸ ਮੌਕੇ ਮੌਜੂਦ ਸਨ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਕਾਸ਼ ਸਿੰਘ ਬਰ੍ਹਮੀ, ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਰਾਜਜਸਵੰਤ ਸਿੰਘ ਤਲਵੰਡੀ ਅਤੇ ਹੋਰ ਮਜ਼ਦੂਰ ਆਗੂਆਂ ਨੇ ਡਾਕਟਰ ਅਮਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ।