ਚੰਡੀਗੜ੍ਹ (ਟਨਸ): ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਚੀਮਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।