ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੂਨ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਮੌਜੂਦਾ ਸਮੇਂ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਅੱਜ ਇੱਥੇ ਵਧੀਕ ਮੁੱਖ ਸਕੱਤਰ ਬਿਜਲੀ ਤਜਵੀਰ ਸਿੰਘ, ਪਾਵਰਕੌਮ ਦੇ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ, ਡਾਇਰੈਕਟਰ (ਡਿਸਟਰੀਬਿਊਸ਼ਨ) ਇੰਜਨੀਅਰ ਡੀਪੀਐੱਸ ਗਰੇਵਾਲ ਅਤੇ ਡਾਇਰੈਕਟਰ (ਜਨਰੇਸ਼ਨ) ਇੰਜਨੀਅਰ ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ। ਇਸ ਮੌਕੇ ਹਰਭਜਨ ਸਿੰਘ ਨੇ ਕਿਹਾ ਕਿ ਪਾਵਰਕੌਮ ਨੇ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ ’ਤੇ ਕੋਈ ਕੱਟ ਨਹੀਂ ਲਗਾਏ ਗਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 11 ਕੇਵੀ ਦੇ 13,340 ਫੀਡਰ ਹਨ, ਜਿਨ੍ਹਾਂ ’ਚੋਂ 6,954 ਫੀਡਰ ਕਰੀਬ 14 ਲੱਖ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਸਪਲਾਈ ਪ੍ਰਦਾਨ ਕਰਦੇ ਹਨ। ਬਿਜਲੀ ਮੰਤਰੀ ਨੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਪਾਵਰਕੌਮ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਗਰਮੀ ਵਿੱਚ ਵਧ ਰਹੀ ਬਿਜਲੀ ਦੀ ਮੰਗ ਪੂਰੀ ਕਰਨ ਲਈ ਕਈ ਢੰਗ ਤਰੀਕੇ ਅਪਣਾਏ ਗਏ ਹਨ।