ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 23 ਜੂਨ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਆਪਣੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਪਤੀ ਸ਼ਾਹਬਾਜ ਸਿੰਘ ਅਤੇ ਮਾਤਾ ਵੀ ਹਾਜ਼ਰ ਸਨ। ਮੱਥਾ ਟੇਕਣ ਉਪਰੰਤ ਉਨ੍ਹਾਂ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਲੰਗਰ ਹਾਲ ਵਿੱਚ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ ਗਿਆ। ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਤਖ਼ਤ ਸਾਹਿਬਾਨਾਂ ਦਾ ਸਤਿਕਾਰ ਕਰਦਿਆਂ ਉਥੇ ਟੂਰਿਜ਼ਮ ਨੂੰ ਹੁਲਾਰਾ ਦੇਣ ਦੇ ਲਈ ਵਚਨਬੱਧ ਹੈ ਅਤੇ ਇਸ ’ਤੇ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਵੀ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਉਪਰਾਲੇ ਜਾਰੀ ਹਨ। ਇਸ ਲਈ ਜਿੱਥੇ ਇੱਥੇ ਪੰਜ ਪਿਆਰਾ ਪਾਰਕ ਦੀ ਵੱਡੀ ਦੇਣ ਦਿੱਤੀ ਹੈ ਉੱਥੇ ਹੋਰ ਵੀ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਾਰਮਿਕ ਤੇ ਇਤਿਹਾਸਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਵਿਭਾਗ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਜੋ ਕਿ ਜਲਦੀ ਹੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਇੱਕ ਵਿਸਥਾਰਪੂਰਵਕ ਯੋਜਨਾ ਬਣਾ ਕੇ ਖਰਚ ਕੀਤੀ ਜਾਵੇਗੀ। ਉਨ੍ਹਾਂ ਆਮ ਸ਼ਹਿਰੀਆਂ ਦੀ ਮੰਗ ’ਤੇ ਸਥਾਨਕ ਪੁੱਡਾ ਪਾਰਕ ਵਿੱਚ ਹਫਤੇ ਦੇ ਅੰਦਰ-ਅੰਦਰ ਲੋਕਾਂ ਦੀ ਸਹੂਲਤ ਲਈ ਮੇਜ਼ ਲਗਾਉਣ ਦੇ ਹੁਕਮ ਸੈਰ ਸਪਾਟਾ ਵਿਭਾਗ ਦੇ ਹਾਜ਼ਰ ਅਧਿਕਾਰੀਆਂ ਨੂੰ ਦਿੱਤੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅੱਜ ਉਹ ਆਪਣੇ ਸਹੁਰਾ ਪਰਿਵਾਰ ਦੇ ਨਾਲ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਦੀ ਆਸਥਾ ਇਸ ਪਵਿੱਤਰ ਧਰਤੀ ਦੇ ਪ੍ਰਤੀ ਹੈ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸੱਚੀ ਸ਼ਰਧਾ ਤੇ ਸ਼ਿੱਦਤ ਨਾਲ ਇਸ ਪਵਿੱਤਰ ਧਰਤੀ ਨੂੰ ਵੱਧ ਤੋਂ ਵੱਧ ਵਿਕਸਿਤ ਕੀਤਾ ਜਾ ਸਕੇ। ਇਸ ਧਰਤੀ ਨੂੰ ਸੈਲਾਨੀਆਂ ਅਤੇ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ