ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੂਨ
ਵਿਦਿਆਰਥੀਆਂ ਵੱਲੋਂ ਦਿੱਲੀ ਵਿੱਚ ਨੀਟ ਵਿਵਾਦ ਖ਼ਿਲਾਫ਼ ਰੋਸ ਮਾਰਚ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਕਿ ਉਹ ਵਿਦਿਆਰਥੀਆਂ ਨਾਲ ਇਨਸਾਫ਼ ਕਰਨ। ਨੀਟ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਅੱਜ ਜੰਤਰ-ਮੰਤਰ ’ਤੇ ਮੈਡੀਕਲ ਦਾਖਲਾ ਪ੍ਰੀਖਿਆ ਦੁਬਾਰਾ ਕਰਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜੰਤਰ-ਮੰਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ਸਥਿਤ ਰਿਹਾਇਸ਼ ਤੱਕ ਮਾਰਚ ਵੀ ਕੀਤਾ। ਹਾਲਾਂਕਿ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨੂੰ ਮੰਗ ਪੱਤਰ ਸੌਂਪ ਕੇ ਧਰਨਾ ਸਮਾਪਤ ਕਰ ਦਿੱਤਾ। ਆਪਣੇ ਮੰਗ ਪੱਤਰ ਵਿੱਚ ਵਿਦਿਆਰਥੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਬਿਹਾਰ ਪੁਲੀਸ ਦੀ ਜਾਂਚ ਦੁਆਰਾ ਲੀਕ ਦੀ ਪੁਸ਼ਟੀ ਕੀਤੀ ਗਈ ਸੀ ਅਤੇ ਇਸ ਲਈ ਕੌਂਸਲਿੰਗ ਨੂੰ ਤੁਰੰਤ ਰੋਕਿਆ ਜਾਵੇ।