ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੂਨ
ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਸੂਬੇ ਦੇ 6786 ਲਾਭਪਾਤਰੀਆਂ ਨੂੰ 34 ਕਰੋੜ ਰੁਪਏ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2023-24 ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਅਨੁਸੂਚਿਤ ਜਾਤੀ ਨਾਲ ਸਬੰਧਤ 5357 ਲਾਭਪਤਾਰੀਆਂ ਨੂੰ 27 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਸਾਲ 2023-24 ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 1429 ਲਾਭਪਤਾਰੀਆਂ ਨੂੰ 7 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਰਾਸ਼ੀ ਜਲਦ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਤਹਿਤ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਲੜਕੀਆਂ ਦੇ ਵਿਆਹ ਤੇ ਮੁੜ ਵਿਆਹ ਲਈ ਇੱਕ ਪਰਿਵਾਰ ਵਿੱਚ 2 ਲੜਕੀਆਂ ਨੂੰ 51,000 ਰੁਪਏ ਪ੍ਰਤੀ ਲਾਭਪਾਤਰੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਲਾਭ ਪ੍ਰਾਪਤ ਕਰਨ ਲਈ ਬਿਨੈਕਾਰ ਵਿਆਹ ਦੀ ਮਿਤੀ ਤੋਂ ਪਹਿਲਾਂ ਅਤੇ 30 ਦਿਨ ਬਾਅਦ ਤੱਕ ਅਪਲਾਈ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਇਸ ਸਕੀਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਲਾਭਪਾਤਰੀਆਂ ਤੋਂ ਆਨਲਾਈਨ ਦਰਖਾਸਤਾਂ ਪ੍ਰਾਪਤ ਕਰਨ ਲਈ ਆਸ਼ੀਰਵਾਦ ਪੋਰਟਲ ਅਪਰੈਲ, 2023 ਤੋਂ ਚਾਲੂ ਕੀਤਾ ਹੈ। ਉਨ੍ਹਾਂ ਕਿਹਾ ਕਿ ਬਕਾਇਆ ਕੇਸਾਂ ਸਬੰਧੀ ਅਦਾਇਗੀ ਜਲਦ ਕੀਤੀ ਜਾਵੇਗੀ।