ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੂਨ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਵਾਹਨ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਨ੍ਹਾਂ ਤੋਂ ਚੋਰੀ ਦੇ 16 ਵਾਹਨ ਬਰਾਮਦ ਕੀਤੇ ਗਏ ਹਨ। ਇਸ ਵਿੱਚ ਚਾਰ ਐਕਟਿਵਾ, 11 ਮੋਟਰਸਾਈਕਲ ਅਤੇ ਇਕ ਈ-ਰਿਕਸ਼ਾ ਸ਼ਾਮਲ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਮੋਨੂੰ ਤੇ ਸੂਰਜ ਵਾਸੀਆ ਧਨਾਸ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸਾਰੰਗਪੁਰ ਦੀ ਪੁਲੀਸ ਨੇ ਕੀਤੀ ਹੈ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੜਤਾਲ ਕੀਤੀ ਤਾਂ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ ਜਿਸ ’ਤੇ ਜਾਅਲੀ ਨੰਬਰ ਲਗਾ ਰੱਖਿਆ ਸੀ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਦੋਵਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਚੋਰੀ ਦੇ ਕੁੱਲ 16 ਵਾਹਨ ਬਰਾਮਦ ਹੋਏ। ਚੰਡੀਗੜ੍ਹ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।