ਨਵੀਂ ਦਿੱਲੀ, 25 ਜੂਨ
ਦਿੱਲੀ ਹਾਈ ਕੋਰਟ ਵੱਲੋਂ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਜਾਣ ਮਗਰੋਂ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਖਿੱਚ ਲਈ ਹੈ। ਸੀਬੀਆਈ ਨੇ ਅੱਜ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿਚ ਪੁੱਛ-ਪੜਤਾਲ ਕਰਕੇ ਆਬਕਾਰੀ ਨੀਤੀ ਕੇਸ ਵਿਚ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ। ਸੀਬੀਆਈ ਨੇ ਕੇਜਰੀਵਾਲ ਨੂੰ ਭਲਕੇ ਸਬੰਧਤ ਟਰਾਇਲ ਕੋਰਟ ਵਿਚ ਪੇਸ਼ ਕਰਨ ਲਈ ਲੋੜੀਂਦੀ ਪ੍ਰਵਾਨਗੀ ਵੀ ਹਾਸਲ ਕਰ ਲਈ ਹੈ। ਕੇਜਰੀਵਾਲ ਨੂੰ ਬੁੱਧਵਾਰ ਨੂੰ ਕੋਰਟ ਵਿਚ ਪੇਸ਼ ਕੀਤਾ ਜਾਣਾ ਹੈ। ਉਧਰ ‘ਆਪ’ ਆਗੂ ਸੰਜੈ ਸਿੰੰਘ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਵੱਲੋਂ ਸੀਬੀਆਈ ਅਧਿਕਾਰੀਆਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਝੂਠੇ ਕੇਸ’ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੇ ਜਵਾਬ ’ਚ ਹਾਲੇ ਤੱਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਭਾਜਪਾ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਐਕਸ ’ਤੇ ਇੱਕ ਵੀਡੀਓ ਸੁਨੇਹੇ ’ਚ ਸੰਜੈ ਸਿੰਘ ਨੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਜਦੋਂ ਅਜਿਹੀਆਂ ਗੱਲਾਂ ਵਾਪਰ ਰਹੀਆਂ ਹਨ ਤਾਂ ਕਿਸੇ ਨੂੰ ਨਿਆਂ ਕਿਵੇਂ ਮਿਲ ਸਕਦਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਨੇ ਕਿਹਾ, ‘‘ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੀਬੀਆਈ ਅਧਿਕਾਰੀਆਂ ਨਾਲ ਮਿਲ ਕੇ ਅਜਿਹੇ ਸਮੇਂ ਸਾਜ਼ਿਸ਼ ਰਚੀ ਹੈ ਜਦੋਂ ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਉਨ੍ਹਾਂ ਨੇ ਸੀਬੀਆਈ ਰਾਹੀਂ ਕੇਜਰੀਵਾਲ ਨੂੰ ਝੂਠੇ ਕੇਸ ’ਚ ਫਸਾਉਣ ਅਤੇ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ।’’ ਸੰਜੈ ਸਿੰਘ ਨੇ ਕਿਹਾ, ‘‘ਪੂਰਾ ਦੇਸ਼ ਭਾਜਪਾ ਦੇ ਜ਼ੁਲਮ ਨੂੰ ਦੇਖ ਰਿਹਾ ਹੈ।’’ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਸਬੰਧੀ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਅੱਜ ਰੋਕ ਲਗਾ ਦਿੱਤੀ ਹੈ। -ਪੀਟੀਆਈ
ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ ‘ਆਪ’
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ’ਤੇ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਨਾਲ ਅਸਹਿਮਤ ਹੈ ਤੇ ਪਾਰਟੀ ਇਸ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵੇਗੀ। ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਦਿੱਲੀ ਹਾਈ ਕੋਰਟ ਦੇ ਹੁਕਮਾਂ ਨਾਲ ਸਹਿਮਤ ਨਹੀਂ ਹਾਂ। ਅਸੀਂ ਇਸ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵਾਂਗੇ। ਸਾਡੀ ਕਾਨੂੰਨੀ ਟੀਮ ਅਗਲੇ ਕਦਮ ਬਾਰੇ ਫ਼ੈਸਲਾ ਕਰੇਗੀ।’ -ਪੀਟੀਆਈ