ਲੁਧਿਆਣਾ (ਟਨਸ): ਇੱਥੇ ਮੋਤੀ ਨਗਰ ਥਾਣੇ ਵਿੱਚ ਲੰਘੀ ਦੇਰ ਰਾਤ ਉਸ ਸਮੇਂ ਅਫ਼ਰਾ ਤਫ਼ਰੀ ਮਚ ਗਈ, ਜਦੋਂ ਇੱਕ ਨੌਜਵਾਨ ਥਾਣੇ ਅੰਦਰ ਦਾਖਲ ਹੋ ਗਿਆ। ਉਸ ਨੇ ਹੱਥ ’ਚ ਫੜੇ ਤੇਜ਼ਧਾਰ ਹਥਿਆਰ ਨਾਲ ਮੁਲਾਜ਼ਮਾਂ ’ਤੇ ਵਾਰ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਸਮਾਂ ਰਹਿੰਦੇ ਮੁਲਾਜ਼ਮਾਂ ਨੇ ਉਸ ਨੂੰ ਦੇਖ ਲਿਆ ਤੇ ਭੱਜ ਕੇ ਆਪਣੀ ਜਾਨ ਬਚਾਈ। ਮੁਲਾਜ਼ਮਾਂ ਦੀਆਂ ਆਵਾਜ਼ਾਂ ਸੁਣ ਕੇ ਹੋਰ ਮੁਲਾਜ਼ਮ ਵੀ ਅੰਦਰ ਆ ਗਏ ਅਤੇ ਉਨ੍ਹਾਂ ਨੇ ਕਿਸੇ ਨਾ ਕਿਸੇ ਤਰ੍ਹਾਂ ਨੌਜਵਾਨ ਨੂੰ ਕਾਬੂ ਕੀਤਾ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਪੁਲੀਸ ਮੁਲਾਜ਼ਮਾਂ ’ਤੇ ਜਿਸ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਉਹ ਹਥਿਆਰ ਉਸ ਨੇ ਥਾਣੇ ਵਿੱਚੋਂ ਹੀ ਚੁੱਕਿਆ ਸੀ। ਜਾਂਚ ਦੌਰਾਨ ਪਤਾ ਲੱਗਿਆ ਕਿ ਹਮਲਾ ਕਰਨ ਵਾਲਾ ਨੌਜਵਾਨ ਮਾਨਸਿਕ ਰੋਗੀ ਹੈ। ਉਹ ਪੂਰੀ ਤਰ੍ਹਾਂ ਬੋਲ ਵੀ ਨਹੀਂ ਸਕਦਾ। ਮਗਰੋਂ ਪੁਲੀਸ ਮੁਲਾਜ਼ਮਾਂ ਨੇ ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ ਅਤੇ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।