ਨਵੀਂ ਦਿੱਲੀ, 29 ਜੂਨ
ਇੱਥੇ ਅੱਜ ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਉਭਾਰਦਿਆਂ ਕੇਂਦਰ ਨੂੰ ਬਿਹਾਰ ਲਈ ਵਿਸ਼ੇਸ਼ ਦਰਜਾ ਜਾਂ ਵਿਸ਼ੇਸ਼ ਪੈਕੇਜ ਦੇਣ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਭਖਦੇ ਮੁੱਦੇ ਵੀ ਚੁੱਕੇ ਗਏ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐੱਨਡੀਏ ਸਰਕਾਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇਗੀ। ਇਸੇ ਦੌਰਾਨ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੇ ਕੁਮਾਰ ਝਾਅ ਨੂੰ ਆਪਣਾ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤਾ। ਮੀਟਿੰਗ ਵਿੱਚ ਪਾਸ ਕੀਤੇ ਗਏ ਮਤਿਆਂ ਵਿੱਚ ਪੇਪਰ ਲੀਕ ਮਾਮਲਿਆਂ ਦੀ ਜਾਂਚ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਸੰਸਦ ਨੂੰ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਣ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਵੀ ਲੋੜ ਹੈ। ਬਿਹਾਰ ਦੇ ਸਾਬਕਾ ਮੰਤਰੀ ਰਹਿ ਚੁਕੇ ਝਾਅ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਭਾਜਪਾ ਆਗੂ ਵਜੋਂ ਕੀਤੀ ਸੀ। ਆਪਣੀ ਨਿਯੁਕਤੀ ਤੋਂ ਬਾਅਦ ਝਾਅ ਨੇ ਕਿਹਾ ਕਿ 2025 ਦੀਆਂ ਅਸੈਂਬਲੀ ਚੋਣਾਂ ’ਚ ਐੱਨਡੀਏ 200 ਤੋਂ ਵੱਧ ਸੀਟਾਂ ਜਿੱਤੇਗਾ। -ਪੀਟੀਆਈ