ਪੱਤਰ ਪ੍ਰੇਰਕ
ਫਗਵਾੜਾ, 29 ਜੂਨ
ਪਿੰਡ ਮਾਧੋਪੁਰ ਦੇ ਸਟੇਡੀਅਮ ’ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਐੱਸਐੱਚਓ ਸਦਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੌਰਵ ਪੁੱਤਰ ਗੁਰਦੇਵ ਲਾਲ ਵਾਸੀ ਪਿੰਡ ਹਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਅਨੁਸਾਰ ਗੌਰਵ ਇੱਕ ਦਿਨ ਪਹਿਲਾਂ ਦੁਪਹਿਰ ਦਾ ਘਰੋਂ ਗਿਆ ਹੋਇਆ ਸੀ ਜੋ ਕਿ ਵਾਪਸ ਨਹੀਂ ਆਇਆ। ਐੱਸਐੱਚਓ ਨੇ ਦੱਸਿਆ ਕਿ ਪੁਲੀਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਫ਼ਿਲਹਾਲ ਕਿਸੇ ਵੀ ਤਰ੍ਹਾਂ ਦਾ ਸ਼ੱਕ ਨਹੀਂ ਪ੍ਰਗਟਾਇਆ ਗਿਆ ਤੇ ਪੁਲੀਸ ਵਲੋਂ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।