ਪ੍ਰਭੂ ਦਿਆਲ
ਸਿਰਸਾ, 2 ਜੁਲਾਈ
ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਨੇ ਕਿਹਾ ਕਿ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਸੂਬੇ ਦੇ ਹਰ ਪਿੰਡ ’ਚ ਜਨ ਸੰਵਾਦ ਪ੍ਰੋਗਰਾਮ ਕਰ ਰਹੀ ਹੈ, ਜਿਸ ਤਹਿਤ ਲੋਕਾਂ ਤੋਂ ਉਨ੍ਹਾਂ ਦੀ ਰਾਏ ਲਈ ਜਾਵੇਗੀ ਬੂਥ ਪੱਧਰ ’ਤੇ ਆਪਣੇ ਵਰਕਰਾਂ ਨੂੰ ਇਕਜੁਟ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਆਪਣੇ ਦਮ ’ਤੇ ਕੋਈ ਵੀ ਟੀਚਾ ਹਾਸਲ ਕਰਨ ਦੇ ਸਮਰੱਥ ਹੈ। ਹਰਿਆਣਾ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਵਿਚ ਤੀਜੇ ਬਦਲ ਵਜੋਂ ਦੇਖ ਰਹੇ ਹਨ ਅਤੇ ਪਾਰਟੀ ਸੂਬੇ ’ਚ ਆਪਣੇ ਦਮ ’ਤੇ ਵਿਧਾਨ ਸਭਾ ਦੀਆਂ ਚੋਣਾਂ ਲੜਣ ਦੇ ਸਮਰਥ ਹੈ। ਉਹ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਐੱਸਵਾਈਐੱਲ ਨਹਿਰ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸੱਤਾ ’ਚ ਰਹੀਆਂ ਸਾਰੀਆਂ ਪਾਰਟੀਆਂ ਇਸ ਮੁੱਦੇ ’ਤੇ ਰਾਜਨੀਤੀ ਹੀ ਕਰਦੀਆਂ ਰਹੀਆਂ ਹਨ ਜਦਕਿ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ। ਇਨੈਲੋ ਆਗੂ ਅਭੈ ਚੌਟਾਲਾ ’ਤੇ ਵਿਅੰਗ ਕੱਸਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਹਰਿਆਣਾ ਬਣਾਉਣ ਦੀ ਗੱਲ ਕਰਦੇ ਹਨ ਪਰ ਹਰਿਆਣਾ ਬਣਾਉਣ ਸਮੇਂ ਹਰਿਆਣੇ ਦੇ ਹਿੱਸੇ ਦਾ ਪਾਣੀ ਲੈਣਾ ਕਿਉਂ ਭੁੱਲ ਗਏ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਨਾਲ ਬੈਠ ਕੇ ਗੱਲ ਕਰਨੀ ਚਾਹੀਦੀ ਹੈ ਤੇ ਇਸ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਆਪ ਦੀ ਸਪਸ਼ਟ ਨੀਤੀ ਹੈ ਕਿ ਹਰ ਸੂਬੇ ਨੂੰ ਉਸ ਦੇ ਹੱਕ ਦਾ ਪਾਣੀ ਮਿਲਣਾ ਚਾਹੀਦਾ ਹੈ, ਭਾਵੇਂ ਉਹ ਕੋਈ ਵੀ ਸੂਬਾ ਕਿਉਂ ਨਾ ਹੋਵੇ।