ਗਗਨਦੀਪ ਅਰੋੜਾ
ਲੁਧਿਆਣਾ, 2 ਜੁਲਾਈ
ਸਨਅਤੀ ਸ਼ਹਿਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਹੈ। ਸ੍ਰੀ ਵੜਿੰਗ ਨੇ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਐਕਟ ਐੱਮਐੱਸਐੱਮਈ ਸਨਅਤਾਂ ਨੂੰ ਬਰਬਾਦ ਕਰ ਦੇਵੇਗਾ ਕਿਉਂਕਿ ਇਹ ਸਿੱਧੇ ਤੌਰ ’ਤੇ ਅਦਾਇਗੀ ਨਾਲ ਸਬੰਧਤ ਹੈ। ਵੜਿੰਗ ਨੇ ਇਸ ਸਬੰਧੀ ਵਿੱਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਤੇ ਕਿਹਾ ਕਿ ਪੰਜਾਬ ਦੇ ਸਨਅਤਕਾਰ ਵੀ ਇਸ ਨੂੰ ਰੱਦ ਕਰਵਾਉਣਾ ਚਾਹੁੰਦੇ ਹਨ। ਰਾਜਾ ਵੜਿੰਗ ਨੇ ਦੱਸਿਆ ਕਿ 43ਬੀ ਧਾਰਾ ਤਹਿਤ ਜੇ ਐੱਮਐੱਸਐੱਮਈ ਦੇ ਅਧੀਨ ਆਉਣ ਵਾਲੇ ਸਨਅਤਕਾਰ ਤੇ ਕਾਰੋਬਾਰੀ ਜੇ ਨਿਰਧਾਰਤ ਮਿਆਦ ਦੇ ਅੰਦਰ ਭੁਗਤਾਨ ਨਹੀਂ ਕਰਦੇ ਤਾਂ ਆਮਦਨ ਟੈਕਸ ਦੀ ਕਾਨੂੰਨਾਂ ਦੇ ਤਹਿਤ ਉਨ੍ਹਾਂ ਨੂੰ ਜੁਰਮਾਨਾ ਲਗਾਇਆ ਜਾਏਗਾ। ਇਸ ਦੇ ਨਾਲ ਸਿੱਧੇ ਤੌਰ ’ਤੇ ਸਨਅਤਾਂ ਬਰਬਾਦ ਹੋ ਜਾਣਗੀਆਂ। ਰਾਜਾ ਵੜਿੰਗ ਨੇ ਦੱਸਿਆ ਕਿ ਐੱਮਐੱਸਐੱਮਈ ਸੈਕਟਰ ਪਹਿਲਾਂ ਹੀ ਕਾਫ਼ੀ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਹੈ। ਅਗਰ 43ਬੀ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਇਹ ਇਸ ਸੈਕਟਰ ਨੂੰ ਬਰਬਾਦ ਕਰ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਚਾਹੁੰਦੇ ਹਨ ਕਿ ਖਰੀਦਦਾਰਾਂ ਤੋਂ ਭੁਗਤਾਨ ਪ੍ਰਾਪਤ ਕਰਨ ਦੀ ਸਮਾਂ ਸੀਮਾ ਨੂੰ 31 ਮਾਰਚ, 2025 ਤੱਕ ਵੱਧ ਤੋਂ ਵੱਧ 90 ਦਿਨਾਂ ਅਤੇ 31 ਮਾਰਚ, 2026 ਤੱਕ 60 ਦਿਨਾਂ ਤੱਕ ਕਰਨ ਦਾ ਵਿਚਾਰ ਕੀਤਾ ਜਾਵੇ ਤੇ ਅੰਤ ਵਿੱਚ ਇਸ ਨੂੰ 31 ਮਾਰਚ 2027 ਤੱਕ ਘਟਾ ਕੇ 45 ਦਿਨਾਂ ਤੱਕ ਕਰ ਦਿੱਤਾ ਜਾਵੇ।