ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜੁਲਾਈ
ਆਜ਼ਾਦੀ ਘੁਲਾਟੀਆਂ ਅਤੇ ਉਤਰਾਧਿਕਾਰੀ ਸੁਸਾਇਟੀ ਦੇ ਵਫ਼ਦ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨਾਲ ਮੀਟਿੰਗ ਕਰ ਕੇ ਕੇਂਦਰੀ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਂ ਇੱਕ ਮੰਗ ਪੱਤਰ ਦਿੱਤਾ। ਜਥੇਬੰਦੀ ਦੇ ਆਗੂ ਰਵਿੰਦਰ ਕਪੂਰ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਜਿਸ ਤਰ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਰੇਲਵੇ ਵਿੱਚ ਮੁਫ਼ਤ ਸਫ਼ਰ ਦੀ ਇਜਾਜ਼ਤ ਹੈ, ਉਸੇ ਤਰ੍ਹਾਂ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਨੂੰ ਵੀ ਮੁਫ਼ਤ ਰੇਲ ਸਫ਼ਰ ਦੀ ਸਹੂਲਤ ਮਿਲਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧੀਨ ਪੈਂਦੇ ਟੌਲ ਪਲਾਜ਼ਾ ’ਤੇ ਵੀ ਮੁਫ਼ਤ ਸਹੂਲਤ ਦੇਣ ਦੀ ਮੰਗ ਕੀਤੀ। ਇਸ ਮੌਕੇ ਰਵਿੰਦਰ ਕਪੂਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਸਿਰਫ਼ ਕਾਨੂੰਨੀ ਵਾਰਸਾਂ ਨੂੰ ਹੀ ਇਹ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਸ ਮੌਕੇ ਰਜਨੀਸ਼ ਧੀਮਾਨ ਨੇ ਭਰੋਸਾ ਦਿੱਤਾ ਕਿ ਉਹ ਇਹ ਮੰਗ ਪੱਤਰ ਰੇਲਵੇ ਮੰਤਰੀ ਨੂੰ ਦੇ ਕੇ ਪਹਿਲ ਦੇ ਆਧਾਰ ’ਤੇ ਇਸ ਮੰਗ ਦਾ ਹੱਲ ਕਰਨ ਲਈ ਕਹਿਣਗੇ। ਇਸ ਮੌਕੇ ਨਰਿੰਦਰ ਸਿੰਘ ਮੱਲੀ, ਨਵਲ ਜੈਨ, ਸਚਿਨ ਮਨਚੰਦਾ, ਗੁਰਵਿੰਦਰ ਪਾਲ ਸਿੰਘ, ਅਵਤਾਰ ਸਿੰਘ ਅਤੇ ਹਰਿੰਦਰ ਸਿੰਘ ਹਾਜ਼ਰ ਸਨ।