ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਇਨਸਾਫ ਲਈ ਆਵਾਜ਼ ਬੁਲੰਦ ਕੀਤੀ ਹੈ। ਸ੍ਰੀ ਵੜਿੰਗ ਨੇ ਆਪਣੇ ਪਹਿਲੇ ਹੀ ਭਾਸ਼ਣ ਦੌਰਾਨ ਇਹ ਮੁੱਦਾ ਚੁੱਕ ਕੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਮਾਮਲਾ ਸੰਸਦ ਵਿੱਚ ਗੂੰਜਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੇ ਇਨਸਾਫ਼ ਮਿਲਣ ਦੀ ਆਸ ਪ੍ਰਗਟਾਈ ਹੈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦਾ ਰੋਲ ਦੇਖ ਕੇ ਉਨ੍ਹਾਂ ਨੂੰ ਤਸੱਲੀ ਹੋ ਗਈ ਹੈ ਕਿ ਇਸ ਵਾਰ ਇਨਸਾਫ਼ ਦੀ ਆਵਾਜ਼ ਸੰਸਦ ਵਿੱਚ ਗੂੰਜਣ ਦੀ ਸ਼ੁਰੂਆਤ ਹੋ ਗਈ ਹੈ।